ਮੈਂਬਰ ਲੋਕ ਸਭਾ ਵੱਲੋਂ ਜ਼ਿਲ੍ਹਾ ਮਾਨਸਾ ‘ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ

0
30

ਮਾਨਸਾ, 05,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ):ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਪਰਸਨ ਅਤੇ ਮੈਂਬਰ ਲੋਕ ਸਭਾ ਬਠਿੰਡਾ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਵੱਖ-ਵੱਖ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ ‘ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਮੈਂਬਰ ਲੋਕ ਸਭਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਮ.ਪੀ ਲੈਡ ਫੰਡ ਤਹਿਤ ਜਾਰੀ ਹੋਣ ਵਾਲੀ ਰਾਸ਼ੀ ਦੀ ਵਰਤੋਂ ਸਬੰਧੀ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਪੜਾਅਵਾਰ ਪ੍ਰਾਪਤ ਹੋਣ ਵਾਲੇ ਫੰਡਾਂ ਵਿੱਚ ਕੋਈ ਰੁਕਾਵਟ ਨਾ ਆ ਸਕੇ।


ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੇਂਦਰ ਪ੍ਰਯੋਜਿਤ ਯੋਜਨਾਵਾਂ ਤਹਿਤ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਲਈ ਨਿਰਦੇਸ਼ ਜਾਰੀ ਕੀਤੇ ।
ਮੈਂਬਰ ਲੋਕ ਸਭਾ ਵੱਲੋਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਕੌਮੀ ਦਿਹਾਤੀ ਪੀਣ ਯੋਗ ਪਾਣੀ ਪ੍ਰੋਗਰਾਮ, ਐਮ ਪੀ ਲੈਡ ਸਕੀਮ, ਰਾਸ਼ਟਰੀ ਸਿਹਤ ਮਿਸ਼ਨ, ਸਮਾਗਰਾ ਸ਼ਿਕਸ਼ਾ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਉਜਵਲ ਯੋਜਨਾ, ਕ੍ਰਿਸ਼ੀ ਸਿੰਚਾਈ ਯੋਜਨਾ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਤੇ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਜ਼ਿਲ੍ਹਾ ਮਾਨਸਾ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। 
ਮੀਟਿੰਗ ਦੌਰਾਨ ਵਿਧਾਇਕ ਸਰਦੂਲਗੜ੍ਹ ਸ੍ਰੀ ਦਿਲਰਾਜ ਸਿੰਘ ਭੂੰਦੜ ਨੇ ਵੀ ਇਲਾਕੇ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ ਜਿਸ ਸਬੰਧੀ ਮੈਂਬਰ ਲੋਕ ਸਭਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਛੇਤੀ ਮੁਸ਼ਕਿਲਾਂ ਹੱਲ ਕਰਨ ਦੇ ਆਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਵੱਖ-ਵੱਖ ਨਾਮਜ਼ਦ ਮੈਂਬਰਾਂ ਵੱਲੋਂ ਉਠਾਏ ਗਏ ਮਸਲਿਆਂ ਦਾ ਵੀ ਨਾਲੋ-ਨਾਲ ਨਿਪਟਾਰਾ ਕੀਤਾ ਗਿਆ। 
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਲੋਕ ਹਿੱਤਾਂ ਲਈ ਉਲੀਕੇ ਜਾਣ ਵਾਲੇ ਕਾਰਜਾਂ ਨੂੰ ਸਮੇਂ ਸਿਰ ਨਿਪਟਾਇਆ ਜਾਵੇ । ਉਨ੍ਹਾਂ ਹਦਾਇਤ ਕੀਤੀ ਕਿ ਜਦੋਂ ਵੀ ਕਿਸੇ ਨਾਗਰਿਕ ਵੱਲੋਂ ਕੋਈ ਸਮੱਸਿਆ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ ਜਾਂਦੀ ਹੈ ਤਾਂ ਮੁਢਲੇ ਪੜਾਅ ‘ਤੇ ਹੀ ਉਸਨੂੰ ਹੱਲ ਕਰਨ ਲਈ ਢੁਕਵੇਂ ਉਪਰਾਲੇ ਜ਼ਰੂਰ ਕੀਤੇ ਜਾਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ, ਵਿਧਾਇਕ ਸਰਦੂਲਗੜ੍ਹ ਸ੍ਰੀ ਦਿਲਰਾਜ ਸਿੰਘ ਭੂੰਦੜ, ਏਡੀਸੀ ਵਿਕਾਸ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਬਠਿੰਡਾ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸ.ਡੀ.ਐਮ ਡਾ. ਸ਼ਿਖਾ ਭਗਤ, ਐਸ.ਡੀ.ਐਮ ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਸਹਾਇਕ ਕਮਿਸ਼ਨਰ ਸ਼੍ਰੀਮਤੀ ਬਲਜੀਤ ਕੌਰ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਨਵਨੀਤ ਜੋਸ਼ੀ, ਉਪ ਅਰਥ ਤੇ ਅੰਕੜਾ ਸਲਾਹਕਾਰ ਸ਼੍ਰੀ ਪਰਮਜੀਤ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀ ਅਤੇ ਗੈਰ ਸਰਕਾਰੀ ਨੁਮਾਇੰਦੇ ਵੀ ਹਾਜ਼ਰ ਸਨ।

NO COMMENTS