
ਚੰਡੀਗੜ੍ਹ, 30 ਮਈ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਤੋਂ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੀ.ਕੇ. ਭਾਵਰਾ ਨੇ ਅੱਜ ਆਪਣੇ ਬਿਆਨ ‘ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਸ ਨੇ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਜੀ.ਪੀ. ਵੱਲੋਂ ਕੱਲ੍ਹ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਮੂਸੇਵਾਲਾ ਬਾਰੇ ਦਿੱਤੇ ਬਿਆਨ ਬਾਰੇ ਸਪੱਸ਼ਟੀਕਰਨ ਮੰਗਿਆ ਹੈ।ਆਪਣੇ ਬਿਆਨ ਨੂੰ ਸਪੱਸ਼ਟ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਉਹ ਪੰਜਾਬ ਦੇ ਪ੍ਰਸਿੱਧ ਕਲਾਕਾਰ ਅਤੇ ਸੱਭਿਆਚਾਰਕ ਪ੍ਰਤੀਕ ਹਨ।ਡੀ.ਜੀ.ਪੀ. ਨੇ ਮੂਸੇਵਾਲਾ ਦੇ ਕਤਲ ਦੀ

ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿਵਾਇਆ ਜਾਵੇਗਾ।ਡੀ.ਜੀ.ਪੀ. ਭਾਵਰਾ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਮੂਸੇਵਾਲਾ ਗੈਂਗਸਟਰ ਹੈ ਜਾਂ ਗੈਂਗਸਟਰਾਂ ਨਾਲ ਜੁੜਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਵੱਖ-ਵੱਖ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦੇ ਦਾਅਵੇ ਅਤੇ ਜਵਾਬੀ ਦਾਅਵੇ ਦੇ ਰਹੇ ਹਨ।ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਦੀ ਤਰਫੋਂ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਜਾਂਚ ਵਿੱਚ ਕਤਲ ਦੇ ਸਾਰੇ ਪਹਿਲੂਆਂ ਦੀ ਘੋਖ ਕੀਤੀ ਜਾਵੇਗੀ।ਡੀ.ਜੀ.ਪੀ. ਨੇ ਕਿਹਾ ਕਿ ਮੀਡੀਆ ਵੱਲੋਂ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਜਦੋਂ ਕਿ ਉਹ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ।———–
