ਸਿੰਘੂ ਬਾਰਡਰ 31, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੱਲਬਾਤ ਦੇ ਸੱਦੇ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਹਾ ਹੈ ਕਿ ਸਰਕਾਰ ਪਹਿਲਾਂ ਖਰਾਬ ਕੀਤੇ ਮਾਹੌਲ ਨੂੰ ਠੀਕ ਕਰੇ। ਫਿਲਹਾਲ ਗੱਲਬਾਤ ਦਾ ਮਾਹੌਲ ਨਹੀਂ ਹੈ। ਮਾਹੌਲ ਠੀਕ ਹੋਣ ‘ਤੇ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ। ਜਥੇਬੰਦੀ ਦੇ ਲੀਡਰਾਂ ਨੇ ਕਿਹਾ ਕਿ ਸਾਡੇ ਵਾਲੇ ਪਾਸੇ ਮਾਹੌਲ ਠੀਕ ਨਹੀਂ। ਇਸ ਕਰਕੇ ਸੰਯੁਕਤ ਮੋਰਚੇ ਦੀ ਮੀਟਿੰਗ ‘ਚ ਜਾਣਾ ਮੁਸ਼ਕਲ ਹੈ ਪਰ ਅਸੀਂ ਉਨ੍ਹਾਂ ਦੇ ਨਾਲ ਹਾਂ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਲੀਡਰਾਂ ਨੂੰ ਗੱਲਬਾਤ ਦੇ ਦੁਬਾਰਾ ਸੱਦਾ ਦਿੱਤਾ ਹੈ। ਇਸ ਬਾਰੇ ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਪਹਿਲਾਂ ਸਾਡੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ। ਫਿਰ ਗੱਲਬਾਤ ਦਾ ਮਾਹੌਲ ਬਣਗੇ। ਉਨ੍ਹਾਂ ਕਿਹਾ ਕਿ ਗੱਲਬਾਤ ਤੋਂ ਪਹਿਲਾ ਸਰਕਾਰ ਮਾਹੌਲ ਤਿਆਰ ਕਰੇ ਕਿਉਂਕਿ ਸਿੰਘੂ ਬਾਰਡਰ ‘ਤੇ ਮਾਹੌਲ ਬਹੁਤ ਖਰਾਬ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਸਰਕਾਰ ਦੇ ਪ੍ਰਸਤਾਵ ‘ਤੇ ਗੌਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਪ੍ਰਸਤਾਵ ਨੂੰ ਤਾਂ ਕਿਸਾਨ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਪ੍ਰਸਤਾਵ ਲਿਆਉਣ ਤਾਂ ਕਿਸਾਨ ਹਮੇਸ਼ਾ ਗੱਲਬਾਤ ਲਈ ਤਿਆਰ ਹਨ।