ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦੀ ਤਿਆਰੀ? ਢੀਂਡਸਾ ਨੇ ਦੱਸੀ ਖਤਰਨਾਕ ਸਾਜ਼ਿਸ਼

0
59

ਚੰਡੀਗੜ੍ਹ )30 ਅਕਤੂਬਰ (ਸਾਰਾ ਯਹਾ /ਬਿਓਰੋ ਰਿਪੋਰਟ): ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ (Punjab University) ਦੀ ਸੈਨੇਟ ਨੂੰ ਖ਼ਤਮ (dissolve the Senate) ਕਰ ਇੱਥੇ ਕੇਂਦਰ ਦੀ ਸਿਫ਼ਾਰਸ਼ ‘ਤੇ ਨਵਾਂ ਬੋਰਡ ਬਣਾ ਕੇ ਯੂਨੀਵਰਸਿਟੀ ਦੇ ਕਾਰਜ ਕਰਨ ਦੀ ਤਜਵੀਜ ਦਾ ਸਖ਼ਤ ਵਿਰੋਧ ਕੀਤਾ। ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਢੀਂਡਸਾ ਨੇ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਯੂਨੀਵਰਸਿਟੀ ਦਾ ਲੋਕਤੰਤਰੀ ਢਾਂਚਾ ਸਦਾ ਲਈ ਖ਼ਤਮ ਹੋ ਜਾਵੇਗਾ ਤੇ ਯੂਨੀਵਰਸਿਟੀ ‘ਤੇ ਪੰਜਾਬ ਦਾ ਹੱਕ ਵੀ ਖ਼ਤਮ ਹੋਣ ਕਿਨਾਰੇ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਬਣਾਈ ਨਵੀਂ ਵਿੱਦਿਅਕ ਨੀਤੀ 2020 ਦੇ ਅਧੀਨ ਕੇਂਦਰ ਸਰਕਾਰ ਬੋਰਡ ਬਣਾ ਕੇ ਸੈਨੇਟ ਨੂੰ ਭੰਗ ਕਰਨ ਦੀ ਤਜਵੀਜ਼ ਲਿਆ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਦਿਆਂ ਮੌਜੂਦਾ ਸਿਸਟਮ ਨੂੰ ਹੀ ਚਾਲੂ ਰੱਖਣ ਦਾ ਸੁਝਾਅ ਦਿੱਤਾ। ਢੀਂਡਸਾ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਟੀ ਕਰੀਬ 138 ਸਾਲ ਪੁਰਾਣਾ ਆਦਾਰਾ ਹੈ ਤੇ ਆਜ਼ਾਦੀ ਤੋਂ ਬਾਅਦ ਦਿੱਲੀ ਤੇ ਸ਼ਿਮਲਾ ਰਹਿਣ ਤੋਂ ਬਾਅਦ 1958 ਵਿੱਚ ਚੰਡੀਗੜ੍ਹ ਵਿਖੇ ਇਸ ਨੂੰ ਪੱਕੇ ਤੌਰ ‘ਤੇ ਸਥਾਪਤ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਏ ਚੰਡੀਗੜ੍ਹ ਵਿੱਚ ਸਥਾਪਤ ਅਦਾਰੇ ‘ਤੇ ਪੰਜਾਬ ਦਾ ਪਹਿਲਾ ਹੱਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕੇਂਦਰੀ ਯੂਨੀਵਰਸਿਟੀ ਨਾ ਹੋਣ ਦੇ ਬਾਵਜੂਦ ਭਾਰਤ ਦੇ ਉਪ ਰਾਸ਼ਟਰਪਤੀ ਨੂੰ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਦਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਪੰਜਾਬ ਦੇ ਰਾਜਪਾਲ ਕੋਲ ਹੈ।

ਢੀਂਡਸਾ ਨੇ ਕਿਹਾ ਕਿ ਸੈਨੇਟ ਦੇ 90 ਮੈਂਬਰਾਂ ਵਿੱਚੋਂ ਹੀ ਸਿੰਡੀਕੇਟ ਦੇ ਮੈਂਬਰ ਚੁਣੇ ਜਾਂਦੇ ਹਨ ਜਿਨ੍ਹਾਂ ਵਿੱਚੋਂ ਵਧੇਰੇ ਪੰਜਾਬੀ ਹੁੰਦੇ ਹਨ। ਇਸ ਤਰ੍ਹਾਂ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀਆਂ ਦੇ ਹਿੱਤ ਸੁਰੱਖਿਅਤ ਹਨ ਜੋ ਕੇਂਦਰ ਸਰਕਾਰ ਦੇ ਬੋਰਡ ਬਣਨ ਨਾਲ ਛਿੱਕੇ ਟੰਗ ਦਿੱਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਡੀਪੀਆਈ ਕਾਲਜ ਇਸ ਸਮੇਂ ਯੂਨੀਵਰਸਿਟੀ ਸੈਨੇਟ ਦੇ ਐਕਸ ਆਫੀਸ਼ਿਓ ਮੈਂਬਰ ਹਨ ਪਰ ਉਨ੍ਹਾਂ ਵੱਲੋਂ ਵੀ ਕੇਂਦਰ ਸਰਕਾਰ ਦੀ ਇਸ ਤਜਵੀਜ਼ ਦਾ ਵਿਰੋਧ ਨਾ ਕਰਨਾ ਹੈਰਾਨੀਜਨਕ ਹੈ।

ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਆਪਣੀ ਖ਼ਾਸ ਸੋਚ ਨਾਲ ਸਬੰਧਤ ਲੋਕਾਂ ਨੂੰ ਨਾਮਜ਼ਦ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਵੀ ਫਿਰਕੂ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਨ ਜਾ ਰਿਹਾ ਜੋ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਚੰਡੀਗੜ੍ਹ ਪ੍ਰਸਾਸ਼ਨ ਤੋਂ ਮੰਗ ਕਰਦਿਆਂ ਢੀਂਡਸਾ ਨੇ ਕਿਹਾ ਕਿ 31 ਅਕਤੂਬਰ ਨੂੰ ਯੂਨੀਵਰਸਿਟੀ ਸੈਨੇਟ ਦਾ ਕਾਰਜਕਾਲ ਖ਼ਤਮ ਹੋ ਰਿਹਾ ਇਸ ਲਈ ਜਲਦ ਤੋਂ ਜਲਦ ਨਵੀਂ ਨੋਟੀਫਿਕੇਸ਼ਨ ਜਾਰੀ ਕਰਕੇ ਸੈਨੇਟ ਦੀਆਂ ਚੋਣਾਂ ਕਰਵਾਈਆਂ ਜਾਣ।

LEAVE A REPLY

Please enter your comment!
Please enter your name here