
ਚੰਡੀਗੜ੍ਹ 30 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਕਿਸਾਨ ਅੰਦੋਲਨ ਦੌਰਾਨ ਮੋਬਾਈਲ ਟਾਵਰਾਂ ਨੂੰ ਹੋ ਰਹੇ ਨੁਕਸਾਨ ਨੂੰ ਲੈ ਕੇ ਅੱਜ ਰਿਲਾਇੰਸ ਜੀਓ ਇੰਫੋਕਾਮ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀਜੀਪੀ ਦਿਨਕਰ ਗੁਪਤਾ ਨੂੰ ਚਿੱਠੀ ਲਿਖੀ ਹੈ। ਰਿਲਾਇੰਸ ਜੀਓ ਇੰਫੋਕਾਮ ਨੇ ਇਸ ਮਾਮਲੇ ‘ਚ ਮੁੱਖ ਮੰਤਰੀ ਤੇ ਡੀਜੀਪੀ ਕੋਲੋਂ ਦਖ਼ਲ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਪੰਜਾਬ ਵਿੱਚ 1700 ਤੋਂ ਵੱਧ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਗਿਆ ਹੈ। ਕੈਪਟਨ ਨੇ ਪਹਿਲਾਂ ਹੀ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਦੂਜੇ ਪਾਸੇ ਕਿਸਾਨ ਯੂਨੀਅਨਾਂ ਨੇ ਵੀ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਹੈ। ਕਿਸਾਨ ਜਥੇਬੰਦੀਆਂ ਨੇ ਮੋਬਾਈਲ ਟਾਵਰ ਤੋੜਨ ਵਾਲਿਆਂ ਨੂੰ ਨਸੀਹਤ ਦਿੱਤੀ ਹੈ ਕਿ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ। ਇਸ ਨਾਲ ਸੰਘਰਸ਼ ਨੂੰ ਢਾਅ ਲੱਗ ਸਕਦੀ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕਿਹਾ ਹੈ ਕਿ ਉਹ ਮੋਬਾਈਲ ਟਾਵਰਾਂ ਜਾਂ ਹੋਰ ਜਨਤਕ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਕਾਰਵਾਈ ਦੇ ਖ਼ਿਲਾਫ਼ ਹਨ।
