*ਮੌਜੂਦਾ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ‘ਚ 7.50 ਲੱਖ ਮੀਟਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ: ਡਿਪਟੀ ਕਮਿਸ਼ਨਰ ਮਾਨਸਾ*

0
15


ਮਾਨਸਾ, 5 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਉਪ ਮੰਡਲ ਮੈਜਿਸਟਰੇਟ, ਸਬੰਧਤ ਵਿਭਾਗਾਂ ਦੇ ਅਧਿਕਾਰੀਆਂ, ਸਰਕਾਰੀ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ, ਆੜ੍ਹਤੀਆਂ, ਟਰਾਂਸਪੋਰਟਰਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮੁੱਚੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਜਿਣਸ ਦੀ ਸੁਚਾਰੂ ਆਮਦ, ਖਰੀਦ, ਲਿਫਟਿੰਗ ਅਤੇ ਅਦਾਇਗੀ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮੇਂ ਸਿਰ ਨੇਪਰੇ ਚੜ੍ਹਾਇਆ ਜਾਵੇ ਅਤੇ ਇਸ ਸਮੁੱਚੀ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੀਆਂ ਮੰਡੀਆਂ ਵਿੱਚ ਕੋਵਿਡ ਸਾਵਧਾਨੀਆਂ ਦੀ ਪਾਲਣਾ ਨੂੰ ਇੰਨ ਬਿੰਨ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਰੀਬ 7.50 ਲੱਖ ਮੀਟਿਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਲੋੜ ਮੁਤਾਬਕ ਬਾਰਦਾਨੇ, ਭੰਡਾਰ, ਨਮੀ ਦੀ ਜਾਂਚ, ਜਿਣਸ ਦੀ ਨਾਲੋ ਨਾਲ ਚੁਕਾਈ ਆਦਿ ਮਿਆਰੀ ਪ੍ਰਬੰਧਾਂ ਨੂੰ ਨੇਪਰੇ ਚੜ੍ਹਾਇਆ ਜਾਵੇ।
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਅਪ੍ਰੈਲ ਤੋਂ ਸਰਕਾਰੀ ਤੌਰ ‘ਤੇ ਹੋਣ ਵਾਲੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਉਦੇਸ਼ ਨਾਲ ਕੋਵਿਡ ਸਾਵਧਾਨੀਆਂ ਦੀ ਪਾਲਣਾ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 6 ਅਪ੍ਰੈਲ ਨੂੰ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਸਥਿਤ ਜ਼ਿਲ੍ਹਾ ਮੰਡੀ ਅਫ਼ਸਰ ਦਫ਼ਤਰ ਵਿਖੇ ਕਿਸਾਨ ਵੀਰਾਂ, ਆੜ੍ਹਤੀਆਂ, ਮਜ਼ਦੂਰਾਂ, ਟਰਾਂਸਪੋਰਟਰਾਂ ਆਦਿ ਲਈ ਮੁਫ਼ਤ ਵੈਕਸੀਨੇਸ਼ਨ ਅਤੇ ਕੋਰੋਨਾ ਟੈਸਟਿੰਗ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਵਿਖੇ ਵੀ ਅਜਿਹੇ ਹੀ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦੀ ਵੈਕਸੀਨੇਸ਼ਨ ਹੋ ਸਕੇ ਅਤੇ ਇਸ ਤੋਂ ਘੱਟ ਉਮਰ ਵਾਲਿਆਂ ਦੀ ਟੈਸਟਿੰਗ ਸਬੰਧੀ ਪ੍ਰਕਿਰਿਆ ਨੂੰ ਨਿਯਮਤ ਤੌਰ ‘ਤੇ ਅਮਲ ਵਿੱਚ ਲਿਆਉਂਦੇ ਰਹਿਣ ਨਾਲ ਇਸ ਮਹਾਂਮਾਰੀ ਤੋਂ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਸਫ਼ਾਈ ਵਿਵਸਥਾ, ਬਿਜਲੀ ਪ੍ਰਬੰਧਾਂ, ਪੀਣ ਲਈ ਸਾਫ਼ ਸੁਥਰਾ ਪਾਣੀ, ਕਿਸਾਨਾਂ ਤੇ ਮਜ਼ਦੂਰਾਂ ਲਈ ਛਾਂਦਾਰ ਤੇ ਹਵਾਯੁਕਤ ਸਥਾਨਾਂ, ਨਿਯਮਤ ਆਵਾਜਾਈ ਆਦਿ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਮੌਜੂਦ 117 ਮੰਡੀਆਂ ਤੋਂ ਇਲਾਵਾ ਲੋੜ ਮੁਤਾਬਕ ਆਰਜ਼ੀ ਤੌਰ ‘ਤੇ ਵੀ ਮੰਡੀਆਂ ਬਣਾਈਆਂ ਜਾਣ ਤਾਂ ਜੋ ਜਿਣਸ ਦੇ ਭੰਡਾਰ ਅਤੇ ਲਿਫਟਿੰਗ ਵਿੱਚ ਕੋਈ ਦਿੱਕਤ ਨਾ ਆ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਕਿਸਾਨ ਗਿੱਲੀ ਜਿਣਸ ਵੇਚਣ ਲਈ ਨਹੀਂ ਲਿਆਵੇਗਾ ਅਤੇ ਇਸ ਦੌਰਾਨ ਮੰਡੀਆਂ ਦੇ ਗੇਟਾਂ ‘ਤੇ ਹੀ ਨਮੀ ਮਾਪਣ ਵਾਲੇ ਯੰਤਰਾਂ ਰਾਹੀਂ ਨਮੀ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਦੇ ਆਧਾਰ ‘ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਜਾਵੇ ਅਤੇ ਸਮੁੱਚੇ ਸੀਜ਼ਨ ਨੂੰ ਨਿਰਵਿਘਨ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦਿੱਤਾ ਜਾਵੇ।
ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟਰੇਟ ਸ਼ਿਖਾ ਭਗਤ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਸਰਬਜੀਤ ਕੌਰ ਤੋਂ ਇਲਾਵਾ ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ, ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਡੀ.ਐਫ.ਐਸ.ਸੀ  ਮਧੂ ਗੋਇਲ, ਤਹਿਸੀਲਦਾਰ, ਐਸ.ਡੀ.ਓ ਪਾਵਰਕੌਮ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here