-ਮੰਡੀਆਂ ਵਿੱਚ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤ ਕੇ ਨਿਰਵਿਘਨ ਰੂਪ ਵਿੱਚ ਚੱਲ ਰਹੀ ਹੈ ਖਰੀਦ : ਡਿਪਟੀ ਕਮਿਸ਼ਨਰ

0
47

ਮਾਨਸਾ, 08 ਮਈ (ਹੀਰਾ ਸਿੰਘ ਮਿੱਤਲ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੀ ਮਹਾਂਮਾਰੀ ਦੇ ਬਾਵਜੂਦ ਵੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਬਹੁਤ ਹੀ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਚੱਲ ਰਹੀ ਹੈ।
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਚਹਿਲ ਨੇ ਦੱਸਿਆ ਕਿ ਮੰਡੀਆਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਦੱਸੀਆਂ ਗਈਆਂ ਸਾਵਧਾਨੀਆਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਵੱਲੋਂ ਸੈਨੇਟਾਈਜ਼ਰ, ਮਾਸਕ ਅਤੇ ਸਮਾਜਿਕ ਦੂਰੀ ਦੀ ਪਾਲਣ ਕਰਦਿਆਂ ਖਰੀਦ ਪ੍ਰਬੰਧਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਕਣਕ ਦੀ ਫਸਲ ਦੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਨੇ ਦੱਸਿਆ ਕਿ 7 ਮਈ 2020 ਤੱਕ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 550292 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 537602 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਗੋਇਲ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗਰੇਨ ਵੱਲੋਂ 177930, ਐਫ.ਸੀ.ਆਈ. ਵੱਲੋਂ 30705, ਮਾਰਕਫੈਡ ਵੱਲੋਂ 139592, ਪਨਸਪ ਵੱਲੋਂ 120260, ਵੇਅਰਹਾਊਸ ਵੱਲੋਂ 67345 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1770 ਮੀਟਕਰ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ 414727 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।
ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਗਈ ਫਸਲ ਦੀ ਖਰੀਦ ਸਬੰਧੀ ਕੀਤੀ ਅਦਾਇਗੀ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਲਈ 837 ਕਰੋੜ ਤੋਂ ਵੀ ਵੱਧ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਰਕਮ ਦਾ 90 ਫੀਸਦੀ ਹਿੱਸਾ ਬਣਦੀ ਹੈ।

NO COMMENTS