ਮਾਨਸਾ, 19 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਫਸਲ ਦੀ ਖਰੀਦੋ-ਫਰੋਖ਼ਤ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਤੇ ਹੋਰ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਜ਼ਰੂਰੀ ਅਹਿਤਿਆਤ ਵੀ ਮੰਡੀਆਂ ਵਿੱਚ ਵਰਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ, ਲੇਬਰ, ਆੜ੍ਹਤੀਆਂ ਅਤੇ ਸਬੰਧਤ ਸਮੂਹ ਕਰਮਚਾਰੀਆਂ ਨੂੰ ਮਾਸਕ ਲਗਾ ਕੇ ਅਤੇ ਹੱਥਾਂ ਨੂੰ ਬਾਰ-ਬਾਰ ਸੈਨੇਟਾਈਜ਼ ਕਰ ਕੇ ਕੰਮ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸਮਾਜਿਕ ਦੂਰੀ (ਸ਼ੋਸ਼ਲ ਡਿਸਟੈਂਸ) ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ, ਤਾਂ ਜੋ ਕੋਵਿਡ-19 ਦੀ ਬਿਮਾਰੀ ਤੋਂ ਸਾਰਿਆਂ ਨੂੰ ਬਚਾ ਕੇ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਖਰੀਦ ਕੇਂਦਰਾਂ ਵਿੱਚ ਬਿਜਲੀ, ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਜ਼ਿਆਦਾ ਇਕੱਠ ਨਾ ਹੋ ਕੇ ਇਸ ਲਈ ਕਿਸਾਨਾਂ ਨੂੰ ਟਰਾਲੀ ਪਾਸ ਜਾਰੀ ਕੀਤੇ ਗਏ ਹਨ, ਜਿਸ ਕਿਸਾਨ ਕੋਲ ਟਰਾਲੀ ਪਾਸ ਹੋਵੇਗਾ ਉਹ ਕਿਸਾਨ ਹੀ ਆਪਣੀ ਫਸਲ ਮੰਡੀ ਵਿੱਚ ਵੇਚ ਸਕੇਗਾ।
ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ 34057 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 23899 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸ ਮਿਤੀ ਤੱਕ ਮੰਡੀਆਂ ਵਿੱਚ 10092 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ।
ਸ਼੍ਰੀ ਚਹਿਲ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗਰੇਨ ਵੱਲੋਂ 8413 ਮੀਟਰਕ ਟਨ, ਐਫ.ਸੀ.ਆਈ. ਵੱਲੋਂ 640, ਮਾਰਕਫੈਡ ਵੱਲੋਂ 7589, ਪਨਸਪ ਵੱਲੋਂ 4440 ਅਤੇ ਵੇਅਰਹਾਊਸ ਵੱਲੋਂ 2817 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ 2282 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ