(ਸਾਰਾ ਯਹਾਂ/ਬਿਊਰੋ ਨਿਊਜ਼ ) : ਜ਼ਿਲ੍ਹਾ ਲੁਧਿਆਣਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੂੰ ਜ਼ਿਲ੍ਹਾ ਪੁਲਿਸ ਨੇ 8 ਦਿਨਾਂ ਤੋਂ ਘਰ ਵਿੱਚ ਨਜ਼ਰਬੰਦ ਕਰਕੇ ਰੱਖਿਆ ਹੈ।
ਮੰਡ ਨੂੰ ਲਗਾਤਾਰ ਗੈਂਗਸਟਰ ਗੋਲਡੀ ਬਰਾੜ ਦੇ ਨਾਂ ‘ਤੇ ਫ਼ੋਨ ‘ਤੇ ਧਮਕੀਆਂ ਮਿਲ ਰਹੀਆਂ ਹਨ। ਧਮਕੀਆਂ ਮਿਲਣ ਤੋਂ ਬਾਅਦ ਮੰਡ ਨੂੰ ਪੁਲਿਸ ਨੇ ਘਰ ਵਿੱਚ ਹੀ ਨਜ਼ਰਬੰਦ ਕਰਕੇ ਰੱਖਿਆ ਹੋਇਆ ਹੈ।
ਹਾਲ ਹੀ ‘ਚ ਮੰਡ ਨੇ ਪੁਲਿਸ ਮੁਲਾਜ਼ਮਾਂ ‘ਤੇ ਇਹ ਵੀ ਦੋਸ਼ ਲਗਾਇਆ ਸੀ ਕਿ ਕੁਝ ਪੁਲਿਸ ਵਾਲੇ ਉਨ੍ਹਾਂ ਦੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਹਨ ਅਤੇ ਜਾਣਬੁੱਝ ਕੇ ਅਜਿਹੇ ਪੁਲਿਸ ਕਰਮਚਾਰੀਆਂ ਨੂੰ ਮੇਰੀ ਸੁਰੱਖਿਆ ‘ਚ ਤਾਇਨਾਤ ਕੀਤਾ ਗਿਆ ਹੈ, ਹਾਲਾਂਕਿ ਪੁਲਿਸ ਨੇ ਸੁਰੱਖਿਆ ਵਿਵਸਥਾ ਵਧਾ ਦਿੱਤੀ ਹੈ, ਪਰ ਸੋਸ਼ਲ ਮੀਡੀਆ ‘ਤੇ ਬਿਆਨਬਾਜੀ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ।
ਮੰਡ ਦੇ ਘਰ ਦੀਆਂ ਕੰਧਾਂ ‘ਤੇ ਕੱਚ ਦੇ ਸ਼ੀਸ਼ੇ ਘਰ ਦੇ ਬਾਹਰ ਰੇਤ ਦੇ ਥੈਲੇ ਅਤੇ ਡਿਜੀਟਲ ਕੈਮਰੇ ਵਾਲੇ ਪੀ.ਸੀ.ਆਰ ਦਸਤੇ ਤਾਇਨਾਤ ਕੀਤੇ ਗਏ ਹਨ।
ਸੂਤਰਾਂ ਅਨੁਸਾਰ ਹਿੰਦੂ ਆਗੂ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਗੁਰਸਿਮਰਨ ਸਿੰਘ ਮੰਡ ਅਤੇ ਅਮਿਤ ਅਰੋੜਾ ਨੂੰ ਖਤਰਾ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ
ਜ਼ਿਕਰ ਕਰ ਦਈਏ ਕਿ ਬੀਤੇ ਦਿਨੀ ਗੈਂਗਸਟਰ ਗੋਲਡੀ ਬਰਾੜ ਨੇ ਗੁਰਸਿਮਰਨ ਸਿੰਘ ਮੰਡ ਨੂੰ ਧਮਕੀ ਦਿੱਤੀ ਸੀ ਕਿ ਉਸ ਦਾ ਹਾਲ ਵੀ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਵਰਗਾ ਹੀ ਕੀਤਾ ਜਾਵੇਗਾ। ਪੁਲਿਸ ਕਮਿਸ਼ਨਰ ਡਾ. ਕੌਸਤਭ ਸ਼ਰਮਾ ਨੇ ਕਿਹਾ ਕਿ ਮੰਡ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਸੁਰੱਖਿਆ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੁਲਿਸ ਨੇ ਵੀ ਮੰਡ ਨੂੰ ਸੋਸ਼ਲ ਮੀਡੀਆ ’ਤੇ ਕਿਸੇ ਵੀ ਤਰ੍ਹਾਂ ਦੀ ਵੀਡੀਓ ਅਪਲੋਡ ਕਰਨ ਤੋਂ ਰੋਕ ਦਿੱਤਾ ਹੈ ਤੇ ਕਿਹਾ ਹੈ ਕਿ ਉਹ ਕਿਸੇ ਵੀ ਚੈਨਲ ਨੂੰ ਇੰਟਰਵਿਊ ਨਾ ਦੇਣ।