ਚੰਡੀਗੜ੍ਹ 24,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿੱਚ ਈਡੀ ਦੇ ਛਾਪੇ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਨੂੰ ਹੋਰ ਉਭਾਰਦਿਆਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਨਜਾਇਜ਼ ਮਾਈਨਿੰਗ ਮਾਮਲੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ।
ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਹੈ। ਰਾਘਵ ਚੱਢਾ ਨੇ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਦੇ ਘਰੋਂ 10 ਕਰੋੜ ਨਕਦ, 25 ਕਰੋੜ ਦਾ ਸੋਨਾ ਤੇ 12 ਕਰੋੜ ਦੀ ਘੜੀ ਮਿਲ ਸਕਦੀ ਹੈ ਤਾਂ ਬਾਕੀ ਰਿਸ਼ਤੇਦਾਰਾਂ ਕੋਲ ਕੀ-ਕੀ ਹੋ ਸਕਦਾ ਹੈ। ਇਸ ਲਈ ਹੋਰ ਜਾਂਚ ਹੋਣੀ ਚਾਹੀਦੀ ਹੈ।
ਨਾਜਾਇਜ਼ ਮਾਈਨਿੰਗ ‘ਚ ਚਰਨਜੀਤ ਚੰਨੀ ਦੀ ਹਿੱਸੇਦਾਰੀ: ਕੈਪਟਨ
ਉਧਰ, ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਹੈ। ਕੈਪਟਨ ਨੇ ਚਰਨਜੀਤ ਚੰਨੀ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ, ਜਿਸ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਰੇਤ ਦੀ ਨਾਜਾਇਜ਼ ਮਾਈਨਿੰਗ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੰਨੀ ਦੀ ਸੂਬੇ ਦੇ ਰੇਤ ਮਾਈਨਿੰਗ ਮਾਫੀਆ ‘ਚ ਹਿੱਸੇਦਾਰੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਸੂਬੇ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੂੰ ਸੂਬੇ ਦੇ ਕਈ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਦੇ ਰੇਤ ਮਾਈਨਿੰਗ ਮਾਫੀਆ ਨਾਲ ਗਠਜੋੜ ਬਾਰੇ ਖਾਸ ਜਾਣਕਾਰੀ ਦਿੱਤੀ ਗਈ ਸੀ। ਅਮਰਿੰਦਰ ਸਿੰਘ ਨੇ ਕਿਹਾ ਕਿ, ‘ਜਦੋਂ ਉਹ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕਿਹਾ ਸੀ ਕਿ ਇਸ ਮਾਮਲੇ ‘ਚ ਸੀਨੀਅਰ ਮੰਤਰੀਆਂ ਤੋਂ ਲੈ ਕੇ ਹੇਠਾਂ ਤੱਕ ਕਈ ਲੋਕ ਸ਼ਾਮਲ ਹਨ। ਸੋਨੀਆ ਗਾਂਧੀ ਨੇ ਉਹਨਾਂ ਨੂੰ ਪੁੱਛਿਆ ਸੀ ਉਹ ਇਸ ਮਾਮਲੇ ਵਿੱਚ ਕੀ ਕਾਰਵਾਈ ਕਰ ਰਹੇ ਹਨ, ਤਾਂ ਉਹਨਾਂ ਵੱਲੋਂ ਕਿਹਾ ਗਿਆ ਸੀ ਕਿ ਮੈਨੂੰ ਉੱਪਰ ਤੋਂ ਸ਼ੁਰੂ ਕਰਨਾ ਪਵੇਗਾ।