*ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ..! ਜ਼ਿਲ੍ਹੇ ‘ਚ ਹੋਣਗੇ 192 ਪਿੰਡ, ਕੈਬਨਿਟ ਨੇ ਲਾਈ ਮੋਹਰ*

0
53

ਚੰਡੀਗੜ੍ਹ, 2 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਐਲਾਨ ਕੀਤਾ ਸੀ।
ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ।
ਇਸ ਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 192 ਪਿੰਡ, 62 ਪਟਵਾਰ ਸਰਕਲ ਅਤੇ 6 ਕਾਨੂੰਨਗੋ ਸਰਕਲ ਵੀ ਸ਼ਾਮਲ ਹੋਣਗੇ।
ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਨੂੰ 12 ਵਿਭਾਗਾਂ ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ ਅਤੇ ਘੱਟ ਗਿਣਤੀ, ਖੇਤੀਬਾੜੀ ਅਤੇ ਕਿਸਾਨ ਵਿਕਾਸ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਰੋਜ਼ਗਾਰ ਉਤਪੱਤੀ, ਉਦਯੋਗ ਅਤੇ ਵਣਜ, ਖੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਤੋਂ ਇਲਾਵਾ ਵਿੱਤ ਦੇ ਦਫਤਰਾਂ ਲਈ ਨਵੀਆਂ ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪ ਦਿੱਤੇ।


ਮੁੱਖ ਮੰਤਰੀ ਨੇ ਹਾਲ ਹੀ ਵਿੱਚ 14 ਮਈ ਨੂੰ ਈਦ-ਉਲ-ਫ਼ਿਤਰ ਦੇ ਮੌਕੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਦੇ ਹੋਏ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਸੀ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਲਏ ਗਏ ਇਸ ਫੈਸਲੇ ਦਾ ਮਕਸਦ ਮਲੇਰਕੋਟਲਾ ਦੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ, ਇਸ ਇਤਿਹਾਸਕ ਸ਼ਹਿਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਣਾ ਅਤੇ ਇਸ ਖੇਤਰ ਦੇ ਸਮੁੱਚੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਵੀ ਹੈ।
——-

NO COMMENTS