ਮੰਤਰੀ ਸਮੂਹ ਵੱਲੋਂ ਪੰਜਾਬ ਵਿੱਚ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਸਖ਼ਤ ਇਹਤਿਹਾਤੀ ਹਦਾਇਤਾਂ ਜਾਰੀ

0
34

ਚੰਡੀਗੜ੍ਹ, (ਸਾਰਾ ਯਹਾ, ਬਲਜੀਤ ਸ਼ਰਮਾ)13 ਮਾਰਚ: ਸੂਬੇ ਵਿਚ ਕੋਵਿਡ 19 ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਰੋਕਣ ਲਈ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਸੱਤ ਮੰਤਰੀਆਂ ਦੇ ਸਮੂਹ (ਜੀਓਐਮ) ਦੀ ਮੀਟਿੰਗ ਹੋਈ। ਸੂਬੇ ਵਿੱਚ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਨੂੰ ਇਤਿਹਾਤੀ ਉਪਾਵਾਂ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਮੰਤਰੀ ਸਮੂਹ ਨੇ ਵਿਆਪਕ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰਾਂ ਨੂੰ ਵੱਡੇ ਇਕੱਠਾਂ ਲਈ ਪ੍ਰਵਾਨਗੀ ਨਾ ਦੇਣ ਸਬੰਧੀ ਹਦਾਇਤ ਕੀਤੀ ਗਈ ਹੈ ਅਤੇ ਧਾਰਮਿਕ ਲੀਡਰਾਂ ਤੇ ਡੇਰਾ ਮੁਖੀਆਂ ਨੂੰ ਵੀ ਆਪਣੇ ਧਾਰਮਿਕ ਸਮਾਗਮਾਂ ਨੂੰ ਵੀ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਧਾਨਗੀ ਹੇਠ ਇਸ ਉੱਚ ਪੱਧਰੀ ਸਮੂਹ ਦਾ ਗਠਨ ਕੀਤਾ ਹੈ, ਜਿਸ ਵਿੱਚ ਸ੍ਰੀ ਓਮ ਪ੍ਰਕਾਸ਼ ਸੋਨੀ, ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ੍ਰੀਮਤੀ ਰਜ਼ੀਆ ਸੁਲਤਾਨਾ, ਸ੍ਰੀ ਬਲਬੀਰ ਸਿੰਘ ਸਿੱਧੂ, ਸ੍ਰੀ ਵਿਜੇ ਇੰਦਰ ਸਿੰਗਲਾ ਅਤੇ ਸ੍ਰੀ ਭਾਰਤ ਭੂਸ਼ਣ ਆਸ਼ੂ ਸ਼ਾਮਲ ਹਨ। ਮੰਤਰੀਆਂ ਦਾ ਸਮੂਹ ਰੋਜ਼ਾਨਾ ਅਧਾਰ ‘ਤੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਲੋੜੀਂਦੀਆਂ ਦਵਾਈਆਂ ਦੀ ਉਪਲਬਧਤਾ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲਬਧਤਾ ਅਤੇ ਸੂਬੇ ਭਰ ਵਿੱਚ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਨੂੰ ਯਕੀਨੀ ਬਣਾਏਗਾ ਤਾਂ ਕਿ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਨੂੰ ਵੱਖ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬੇ ਦੀ ਪ੍ਰਬੰਧਕੀ ਅਮਲੇ ਨੇ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ ਅਤੇ ਇਸ ਸਮੇਂ ਸੂਬੇ ਭਰ ਵਿੱਚ ਕੋਵਿਡ 19 ਦੇ ਮਰੀਜਾਂ ਨੂੰ ਵੱਖਰੇ ਰੱਖਣ ਲਈ 2200 ਬੈੱਡ ਤਿਆਰ ਹਨ। ਇਸ ਤੋਂ ਇਲਾਵਾ ਪ੍ਰਾਇਵੇਟ ਹਸਪਤਾਲਾਂ ਵਿੱਚ 250 ਵੈਂਟੀਲੇਟਰ ਹਨ, ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ 20-20 ਵੈਂਟੀਲੇਟਰ ਤਿਆਰ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ-ਆਪ ਨੂੰ ਕੋਵਿਡ-19 ਤੋਂ ਬਚਾਉਣ ਲਈ ਹੱਥ ਮਿਲਾਉਣ, ਭੀੜ ਵਾਲੀਆਂ ਥਾਵਾਂ ‘ਤੇ ਜਾਣ, ਧਾਰਮਿਕ ਇਕੱਠ ਵਿੱਚ ਜਾਣ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕਰਨ ਲਈ ਸਾਰੇ ਸਰਕਾਰੀ ਵਿਭਾਗਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.), ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅਤੇ ਐਨ.ਜੀ.ਓਜ਼ ਦੇ ਨਾਲ ਸਾਂਝੇ ਤੌਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾਏਗੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ, ਡੀਡੀਪੀਓਜ਼ / ਬੀਡੀਪੀਓਜ਼ ਅਤੇ ਪੰਚਾਇਤ ਸੱਕਤਰ ਪੇਂਡੂ ਖੇਤਰਾਂ ਦੇ ਲੋਕਾਂ ਨੂੰ  ਨਿੱਜੀ ਤੌਰ ‘ਤੇ ਜਾਗਰੂਕ ਕਰਨਗੇ। ਇਸੇ ਤਰ੍ਹਾਂ ਡੀਈਓਜ਼ ਇਹ ਯਕੀਨੀ ਬਣਾਉਣਗੇ ਕਿ ਸਵੇਰ ਦੀ ਸਭਾ ਵਿੱਚ ਇਕੱਠੇ ਹੋਏ ਸਕੂਲੀ ਵਿਦਿਆਰਥੀ ਇੱਕ ਦੂਜੇ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖਣ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੰਤਰੀ ਸਮੂਹ ਇਸ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਪ੍ਰਗਤੀ ਦੀ ਜਾਇਜਾ ਲੈਣ ਲਈ ਕਾਰਵਾਈ ਰਿਪੋਰਟ ਦੀ ਸਮੀਖਿਆ ਕਰੇਗਾ।
ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਸਥਾਨਕ ਸਰਕਾਰਾਂ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੈ ਕੁਮਾਰ, ਸਿਹਤ ਅਤੇ ਪਰਿਵਾਰ ਭਲਾਈ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਕਿਰਤ ਸ੍ਰੀ ਵੀ.ਕੇ. ਜੰਜੂਆ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਸਕੱਤਰ ਸਿਹਤ ਸ੍ਰੀ ਕੁਮਾਰ ਰਾਹੁਲ, ਐਮ.ਡੀ. ਪੀ.ਐਚ.ਐਸ.ਸੀ. ਸ੍ਰੀ ਮਨਵੇਸ਼ ਸਿੰਘ ਸਿੱਧੂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਅਤੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਅਵਨੀਤ ਕੌਰ ਮੌਜੂਦ ਸਨ।

LEAVE A REPLY

Please enter your comment!
Please enter your name here