
ਮਾਨਸਾ, 28 ਫਰਵਰੀ ਯੁਕਰੇਨ ਵਿੱਚ ਫੱਸੇ ਜ਼ਿਲੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲਾ ਪ੍ਰਸ਼ਾਸਨ ਮਾਨਸਾ ਵੱਲੋਂ ਇਕ ਹੈਲਪਲਾਈਨ ਨੰਬਰ 01652-227827 ਸਥਾਪਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲੇ ਨਾਲ ਸਬੰਧਤ ਯੁਕਰੇਨ ਵਿੱਚ ਫੱਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ’ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ। ਸ੍ਰੀ ਮਹਿੰਦਰ ਪਾਲ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿੱਚ ਫੱਸੇ ਹਨ ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਸ ਸੂਚਨਾ ਵਿੱਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੁਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।
