ਮਾਨਸਾ, 16 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ) : ਮਿਸ਼ਨ ਫ਼ਤਿਹ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਕੋਵਿਡ-19 ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਹਫ਼ਤਾਵਰੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਫਫੜੇ ਭਾਈਕੇ, ਭਾਈ ਦੇਸਾ, ਕੋਟ ਲੱਲੂ, ਕੋਟੜਾ ਕਲਾਂ, ਦਲੇਲ ਵਾਲਾ, ਮੂਲਾ ਸਿੰਘ ਵਾਲਾ, ਖ਼ਿਆਲਾ ਕਲਾਂ, ਮਲਕਪੁਰ ਖ਼ਿਆਲਾ, ਖ਼ਿਆਲਾ ਖੁਰਦ, ਤਾਮਕੋਟ, ਹਰੀ ਕਾ ਬੁਰਜ, ਰੱਲਾ, ਭੁਪਾਲ ਕਲਾਂ, ਮੌਜੋ ਕਲਾਂ, ਮੱਤੀ, ਅਲੀਸ਼ੇਰ ਕਲਾਂ ਅਤੇ ਅਲੀਸ਼ੇਰ ਖੁਰਦ ਦੇ ਵਸਨੀਕਾਂ ਨੂੰ ਕੋਵਿਡ-19 ਦੇ ਲੱਛਣਾ ਅਤੇ ਬਚਾਅ ਤੋਂ ਜਾਣੂ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਨੁਸਾਰ ਅੱਜ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਪਿੰਡ ਫਫੜੇ ਭਾਈਕੇ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਘਰੋਂ ਬਾਹਰ ਤਾਂ ਹੀ ਨਿਕਲੋ ਜੇਕਰ ਜ਼ਰੂਰੀ ਹੋਵੇ। ਵਲੰਟੀਅਰਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਪੀੜ੍ਹਤ ਵਿਅਕਤੀ ਦੇ ਸੰਪਰਕ ਜਾਂ ਖਾਂਸੀ ਤੇ ਨਿੱਛਾ ਵੇਲੇ ਛਿੱਟਿਆਂ ਦੇ ਸੰਪਰਕ ਵਿੱਚ ਆਉਣ ਨਾਲ ਫੈਲਦਾ ਹੈ। ਉਨ੍ਹਾਂ ਦੱਸਿਆ ਕਿ ਬੁਖ਼ਾਰ, ਖਾਂਸੀ, ਸਾਹ ਲੈਣ ਵਿੱਚ ਤਕਲੀਫ਼, ਥਕਾਵਟ, ਸਰੀਰਕ ਦਰਦ, ਦਸਤ, ਨੱਕ ਵੱਗਣਾ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਕੋਰੋਨਾ ਬਿਮਾਰੀ ਦੇ ਲੱਛਣ ਹਨ। ਉਨ੍ਹਾਂ ਦੱਸਿਆ ਕਿ ਵਾਰ-ਵਾਰ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਚੰਗੀ ਤਰ੍ਹਾਂ ਧੋਵੇ ਜਾਂ ਅਲਕੋਹਲ ਯੁਕਤ ਹੈਂਡ ਸੈਨੇਟਾਇਜ਼ਰ ਦੀ ਵਰਤੋਂ ਕਰਨੀ ਚਾਹੀਦੀ ਹੈ। ਵਲੰਟੀਅਰਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਭੀੜ-ਭਾੜ ਵਾਲੀਆਂ ਜਗ੍ਹਾਂ ’ਤੇ ਨਾ ਜਾਇਆ ਜਾਵੇ ਅਤੇ ਹਰੇਕ ਵਿਅਕਤੀ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖੋ। ਉਨ੍ਹਾਂ ਦੱਸਿਆ ਕਿ ਖਾਂਸੀ ਕਰਦੇ ਜਾਂ ਛਿੱਕਣ ਵੇਲੇ ਨੱਕ ਅਤੇ ਮੂੰਹ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਗਲੇ ਨਾ ਮਿਲੋ ਅਤੇ ਹੱਥ ਨਾ ਮਿਲਾਓ। ਇਸ ਤੋਂ ਇਲਾਵਾ ਜਨਤਕ ਥਾਵਾਂ ’ਤੇ ਆਮ ਵਰਤੋਂ ਵਾਲੀਆਂ ਵਸਤੂਆਂ ਨੂੰ ਛੂਹਣ ਤੋਂ ਪਰਹੇਜ਼ ਕਰੋ।