ਮਾਨਸਾ, 12 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ) : ਯੁਵਾ ਪੀੜ੍ਹੀ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਸੁਚੇਤ ਕਰਨ ਲਈ ਸਮੇਂ-ਸਮੇਂ ਤੇ ਸੈਮੀਨਾਰ ਹੋਣੇ ਬਹੁਤ ਜ਼ਰੂਰੀ ਹਨ। ਇਹ ਸਬੰਧੀ ਜਾਣਕਾਰੀ ਦਿੰਦਿਆਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਨੇ ਅੱਜ ਸਰਕਾਰੀ ਸਕੂਲ (ਕੁੜੀਆਂ) ਮਾਨਸਾ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਨੂੰ ਸਮਰਪਿਤ ਸੈਮੀਨਾਰ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਔਰਤਾਂ ਦਾ ਯੌਨ ਸ਼ੋਸ਼ਣ ਇੱਕ ਗੰਭੀਰ ਸਮੱਸਿਆ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਯੁਵਾ ਪੀੜ੍ਹੀ ਨੂੰ ਔਰਤਾਂ ਦੇ ਸਨਮਾਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਯੁਵਾ ਪੀੜ੍ਹੀ ਨੂੰ ਆਪਣੇ ਅਧਿਕਾਰਾਂ ਪ੍ਰਤੀ ਵੀ ਸੁਚੇਤ ਹੋਣ ਦੀ ਬਹੁਤ ਲੋੜ ਹੈ ਅਤੇ ਲੜਕੀਆਂ ਨਾਲ ਹੋ ਰਹੀ ਜ਼ਿਆਦਤੀ ਨੂੰ ਰੋਕਣ ਲਈ ਔਰਤ ਸਮਾਜ ਨੂੰ ਕਾਨੂੰਨਾਂ ਦੀ ਜਾਣਕਾਰੀ ਹੋਣਾ ਬਹੁਤ ਲਾਜ਼ਮੀ ਹੈ। ਇਸ ਮੌਕੇ ਸੈਮੀਨਾਰ ਦੇ ਮੁੱਖ ਬੁਲਾਰੇ ਐਡਵੋਕੇਟ ਰੋਹਿਤ ਸਿੰਗਲਾ ਭੰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਾਜ ਵਿੱਚ ਬਹੁਤ ਮਾੜੀ ਗੱਲ ਹੈ ਜੋ ਨੌਜਵਾਨਾਂ ਜਾਂ ਲੜਕੀਆਂ ਨਾਲ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਠੱਲ੍ਹ ਪਾਉਣ ਲਈ ਸਮਾਜ ਵਿੱਚ ਨੌਜਵਾਨਾਂ ਅਤੇ ਲੜਕੀਆਂ ਨੂੰ ਮਜ਼ਬੂਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਾਨੂੰਨਾਂ ਦੀ ਵੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਚਲਾਈ ਜਾ ਰਹੀ ਪੰਜਾਬ ਵਿਕਟਿਮ ਕੰਪਨਸ਼ੇਸ਼ਣ ਸਕੀਮ-2017 ਅਤੇ ਨਾਲਸਾ ਸਕੀਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਸਕੂਲ ਦੇ ਪਿ੍ਰੰਸੀਪਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਇਹ ਅਥਾਰਟੀ ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਪ੍ਰਸ਼ੰਸਾਯੋਗ ਕੰਮ ਕਰ ਰਹੀ ਹੈ। ਇਸ ਮੌਕੇ ਸਕੂਲ ਪਿ੍ਰੰਸੀਪਲ ਮੈਡਮ ਪਦਮਨੀ, ਮੈਡਮ ਸੀਮਾ ਰਾਣੀ, ਸ਼੍ਰੀ ਪ੍ਰਵੀਨ ਸਿੰਗਲਾ, ਮੈਡਮ ਗੁਰਪ੍ਰੀਤ ਕੌਰ, ਗੁਰਪ੍ਰੀਤ ਸਿੰਘ ਮਾਨ ਆਦਿ ਹਾਜ਼ਰ ਸਨ।