*ਯੂ.ਪੀ. ਸਰਕਾਰ ਵੱਲੋਂ ਧਾਰਾ 144 ਦੇ ਮੱਦੇਨਜ਼ਰ ਪੰਜਾਬ ਦੇ CM ਤੇ ਉਪ CM ਨੂੰ ਲਖੀਮਪੁਰ ਦੇ ਦੌਰੇ ਲਈ ਇਜਾਜ਼ਤ ਦੇਣ ਤੋਂ ਇਨਕਾਰ*

0
131

ਚੰਡੀਗੜ੍ਹ, 4 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਉੱਤਰ ਪ੍ਰਦੇਸ਼ ਸਰਕਾਰ ਨੇ ਧਾਰਾ 144 ਲਾਗੂ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਲਖੀਮਪੁਰ ਖੀਰੀ ਵਿਖੇ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਜਿੱਥੇ ਬੀਤੇ ਦਿਨ ਹਿੰਸਕ ਘਟਨਾ ਵਾਪਰੀ ਸੀ।      

        ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਸਰਕਾਰ ਦੇ ਗ੍ਰਹਿ ਸਕੱਤਰ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ, ਪੰਜਾਬ ਦੇ ਡਾਇਰੈਕਟਰ ਵੱਲੋਂ ਮੁੱਖ ਮੰਤਰੀ ਦੇ ਹੈਲੀਕਾਪਟਰ ਨੂੰ ਲਖੀਮਪੁਰ ਖੀਰੀ ਵਿਖੇ ਉਤਰਨ ਅਤੇ ਉਡਾਨ ਭਰਨ ਲਈ ਆਗਿਆ ਮੰਗਣ ਲਈ ਲਿਖੇ ਪੱਤਰ ਦੇ ਜਵਾਬ ਵਿਚ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਦੇ ਮੱਦੇਨਜ਼ਰ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਇਜਾਜ਼ਤ ਦੇਣੀ ਸੰਭਵ ਨਹੀਂ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਸੰਕਟ ਦੀ ਇਸ ਘੜੀ ਵਿਚ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਲਖੀਮਪੁਰ ਖੀਰੀ ਵਿਖੇ ਜਾਣ ਦਾ ਪ੍ਰੋਗਰਾਮ ਉਲੀਕਿਆ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਬੀਤੇ ਦਿਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਘਟਨਾਸਥਾਨ ਵਾਲੀ ਥਾਂ ਵਿਖੇ ਜਾ ਕੇ ਹਾਲਾਤ ਦਾ ਪਤਾ ਲਾਉਣ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਕਿਹਾ ਸੀ।

NO COMMENTS