ਨਵੀਂ ਦਿੱਲੀ 20,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ‘ਤੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਪਣੇ ਸਾਥੀ ਰਵਨੀਤ ਬਿੱਟੂ ਦੇ ਉਲਟ ਸਟੈਂਡ ਲਿਆ ਹੈ। ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਜਾਣਾ ਚਾਹੀਦਾ ਹੈ। ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿੱਚ ਹੈ ਤੇ ਹੁਣ ਸਮਾਂ ਹੈ ਕਿ ਉਸ ਦੀ ਸਜ਼ਾ ਨੂੰ ਘੱਟ ਕੀਤਾ ਜਾਵੇ ਜਾਂ ਰਿਹਾਅ ਕੀਤਾ ਜਾਵੇ।
ਦੱਸ ਦਈਏ ਕਿ ਮੰਗਲਵਾਰ ਨੂੰ ਕਾਂਗਰਸੀ ਸੰਸਦ ਮੈਂਬਰ ਤੇ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਗਿਆ ਕਿ ਰਾਜੋਆਣਾ ਨੂੰ ਮੁਆਫੀ ਦੇਣ ਨਾਲ ਬਹੁਤ ਗਲਤ ਸੰਦੇਸ਼ ਜਾਵੇਗਾ। ਰਵਨੀਤ ਬਿੱਟੂ ਨੇ ਇਹ ਬਾਰੇ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਘੇਰਿਆ ਜਿਨ੍ਹਾਂ ਨੇ ਰਾਜੋਆਣਾ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਮੋਦੀ ਦਾ ਦਖਲ ਮੰਗਿਆ ਸੀ।
ਇਸ ਮਗਰੋਂ ਤਿਵਾੜੀ ਨੇ ਟਵੀਟ ਕਰਦਿਆਂ ਕਿਹਾ, ‘ਅਤਿਵਾਦ ਦਾ ਸ਼ਿਕਾਰ ਹੋਣ ਦੇ ਨਾਤੇ ਮੈਂ ਆਪਣੇ ਸਾਥੀ ਰਵਨੀਤ ਬਿੱਟੂ ਦੇ ਦਰਦ ਨੂੰ ਸਮਝਦਾ ਹਾਂ ਪਰ ਇੱਕ ਵਕੀਲ ਤੇ ਪੰਜਾਬ ਦੇ ਸੰਸਦ ਮੈਂਬਰ ਹੋਣ ਦੇ ਨਾਤੇ ਮੇਰਾ ਇਹ ਵਿਚਾਰ ਹੈ ਕਿ ਬਲਵੰਤ ਸਿੰਘ ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿਚ ਹੈ। ਹੁਣ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਤੇ ਧਾਰਾ 432 ਸੀਆਰਪੀਸੀ ਤਹਿਤ ਹੁਕਮ ਪਾਸ ਕਰਕੇ ਉਸ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।