*ਰਾਜ ਦੀਆਂ ਮੰਡੀਆਂ ’ਚ ਕਿਸਾਨਾਂ, ਮਿੱਲਰਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ:ਲਾਲ ਚੰਦ ਕਟਾਰੂਚੱਕ*

0
45

ਮਾਨਸਾ, 08 ਨਵੰਬਰ: (ਸਾਰਾ ਯਹਾਂ/ਬੀਰਬਲ ਧਾਲੀਵਾਲ)
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ ਸੁਚਾਰੂ ਖ਼ਰੀਦ, ਨਾਲੋ-ਨਾਲ ਲਿਫਟਿੰਗ ਅਤੇ ਖਰੀਦੇ ਗਏ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਮਾਨਸਾ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਨੇ ਅਨਾਜ ਮੰਡੀ ਮਾਨਸਾ ਵਿਖੇ ਕੀਤੇ ਖਰੀਦ ਪ੍ਰਬੰਧਾਂ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਰਾਜ ਦੀਆਂ ਸਾਰੀਆਂ ਹੀ ਅਨਾਜ ਮੰਡੀਆਂ ਵਿੱਚ ਕਿਸਾਨਾਂ, ਮਿੱਲਰਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਸਾਰੇ ਵਰਗਾਂ ਦੀ ਸਹੂਲਤ ਨੂੰ ਪ੍ਰਮੁੱਖ ਰੱਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜ਼ੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਰਾਜ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 137.8 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ 134.9 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ 21360.09 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਬਾਰਦਾਨੇ ਦੇ ਪੁਖ਼ਤਾ ਪ੍ਰਬੰਧ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਆਉਣ ਵਾਲੀ ਫ਼ਸਲ ਨੂੰ ਪੰਜਾਬ ਅੰਦਰ ਵੇਚਣ ਲਈ ਆਉਣ ਤੋਂ ਰੋਕਣ ਲਈ ਇੰਟਰ ਸਟੇਟ ਨਾਕੇ ਵੀ ਲਗਾਏ ਗਏ ਹਨ।
ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਂਦੀ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਵਾਰਣ ਨੂੰ ਪਲੀਤ ਹੋਣ ਤੋਂ ਬਚਾਉਣ ’ਚ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਹਾਜ਼ਰ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ੍ਰ ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਮਨਦੀਪ ਸਿੰਘ ਮਾਨ, ਸਕੱਤਰ ਮਾਰਕਿਟ ਕਮੇਟੀ ਸ੍ਰ ਜਗਤਾਰ ਸਿੰਘ, ਹਰਜੀਤ ਸਿੰਘ ਦੰਦੀਵਾਲ, ਭਰਪੂਰ ਸਿੰਘ, ਰਮਨ ਮਾਨਸ਼ਾਹੀਆ, ਹਰਦੇਵ ਸਿੰਘ, ਭੀਮ ਸੈਨ, ਟੀਟੂ ਚਾਹਲ, ਜੱਗਾ ਹੀਰੇਵਾਲਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।

NO COMMENTS