
ਚੰਡੀਗੜ੍ਹ 27 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਵਿੱਚ ਦੁਸਹਿਰੇ ਮੌਕੇ ਰਾਵਨ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਤੋਂ ਬੀਜੇਪੀ ਕਾਫੀ ਪ੍ਰੇਸ਼ਾਨ ਹੈ। ਕਿਸਾਨ ਜਥੇਬੰਦੀਆਂ ਦੀ ਇਸ ਕਾਰਵਾਈ ਦਾ ਸੇਕ ਦਿੱਲੀ ਤੱਕ ਪਹੁੰਚਿਆ ਹੈ। ਬੀਜੇਪੀ ਪ੍ਰਧਾਨ ਜੇਪੀ ਨੱਢਾ ਨੇ ਇਸ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਧਰ, ਪੰਜਾਬ ਬੀਜੇਪੀ ਨੇ ਸੋਮਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਸ ਨੂੰ ਗੰਭੀਰਤਾ ਨਾਲ ਵਿਚਾਰਿਆ ਤੇ ਅਗਲੀ ਰਣਨੀਤੀ ਤੈਅ ਕੀਤੀ।
ਬੀਜੇਪੀ ਦੇ ਜਨਰਲ ਸਕੱਤਰ ਤਰੁਣ ਚੁੱਘ ਦਾ ਇਸ ਬਾਰੇ ਕਹਿਣਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਸਿਖਰਲੇ ਆਗੂਆਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਖੁਸ਼ ਕਰਨ ਲਈ ਸ਼ਹਿ ਦੇ ਕੇ ਦਸਹਿਰੇ ਮੌਕੇ ਪ੍ਰਧਾਨ ਮੰਤਰੀ ਦਾ ਅਪਮਾਨ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਤਿਉਹਾਰ ਮੌਕੇ ਨੀਵੇਂ ਪੱਧਰ ਦੀ ਸਿਆਸਤ ਖੇਡੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਸਿਆਸਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਬੀਜੇਪੀ ਇਸ ਮਾਮਲੇ ਨੂੰ ਧਰਮ ਨਾਲ ਜੋੜ ਰਹੀ ਹੈ। ਚੁੱਘ ਦਾ ਕਹਿਣਾ ਹੈ ਕਿ ਪੰਜਾਬ ਭਗਵਾਨ ਬਾਲਮੀਕ ਦੀ ਧਰਤੀ ਹੈ ਤੇ ਰਮਾਇਣ ਦੀ ਪ੍ਰੰਪਰਾ ਅਨੁਸਾਰ ਦਸਹਿਰੇ ਦਾ ਤਿਉਹਾਰ ਮਨਾਇਆ ਜਾਂਦਾ ਹੈ। ਪਵਿੱਤਰ ਉਤਸਵ ਮੌਕੇ ਸ਼ਰਾਰਤੀ ਅਨਸਰਾਂ ਵੱਲੋਂ ਪੁਲਿਸ ਦੀ ਹਾਜ਼ਰੀ ਵਿੱਚ ਪ੍ਰਧਾਨ ਮੰਤਰੀ ਦੇ ਸਨਮਾਨ ਨੂੰ ਸੱਟ ਮਾਰੀ ਗਈ ਹੈ ਤੇ ਇਸ ਨਾਲ 24 ਮੁਲਕਾਂ ਵਿੱਚ ਵਸਦੇ 125 ਕਰੋੜ ਹਿੰਦੂਆਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਫੋਟੋ ਦਾ ਗਲਤ ਇਸਤੇਮਾਲ ਕੀਤਾ ਗਿਆ ਹੈ ਤੇ ਪੁਲਿਸ ਦੀ ਹਾਜ਼ਰੀ ਵਿੱਚ ਹੋਏ ਅਪਮਾਨ ਨੇ ਭਾਈਚਾਰਕ ਸਾਂਝ ਨੂੰ ਸੱਟ ਮਾਰੀ ਹੈ। ਉਨ੍ਹਾਂ ਗਵਰਨਰ ਤੋਂ ਫੌਰੀ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਬੀਜੇਪੀ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਦਾ ਅਪਮਾਨ ਕਰਨ ਵਾਲੇ ਲੋਕਾਂ ’ਤੇ ਪੁਲਿਸ ਕੇਸ ਦਰਜ ਕੀਤੇ ਜਾਣ।
