
ਮਾਨਸਾ, 31 ਅਕਤੂਬਰ (ਸਾਰਾ ਯਹਾ / ਹੀਰਾ ਸਿੰਘ ਮਿੱਤਲ): ਰਾਸ਼ਟਰੀ ਏਕਤਾ ਦਿਵਸ ਮੌਕੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਉਦੇਸ਼ਾਂ ਨੂੰ ਯਾਦ ਕਰਦੇ ਹੋਏ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਮਨਾਂ ਅੰਦਰ ਦੇਸ਼ ਦੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਬਣਾਏ ਰੱਖਣ ਦੀ ਅਪੀਲ ਕੀਤੀ। ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਣ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਯੋਗਦਾਨ ਸਬੰਧੀ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ 1947 ਦੀ ਆਜ਼ਾਦੀ ਤੋਂ ਬਾਅਦ ਸਾਰੀਆਂ ਰਿਆਸਤਾਂ ਨੂੰ ਲੋਕਤੰਤਰ ਅਧੀਨ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਸਮਾਜ ‘ਚ ਏਕਤਾ ਬਰਕਰਾਰ ਰੱਖਣ ਲਈ ਇੱਕਜੁਟ ਹੋ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਿਆ ਜਾ ਸਕੇ।
