
ਮਾਨਸਾ, 02 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ) : ਰਾਸ਼ਟਰੀ ਲੋਕ ਅਦਾਲਤਾਂ ਲਗਾਉਣ ਦਾ ਮਕਸਦ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦਿਵਾਉਣਾ ਹੈ। ਇਨ੍ਹਾਂ ਅਦਾਲਤਾਂ ਦੇ ਫੈਸਲਿਆਂ ਨਾਲ ਬਹੁਤ ਸਾਰਾ ਕੀਮਤੀ ਸਮਾਂ ਅਤੇ ਪੈਸਾ ਬਚ ਰਹਿੰਦਾ ਹੈ ਅਤੇ ਲੋਕਾਂ ਦੀ ਆਪਸ ਵਿੱਚ ਕੁੜੱਤਣ ਵੀ ਦੂਰ ਹੁੰਦੀ ਹੈ। ਆਗਾਮੀ 11 ਸਤੰਬਰ ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ ਦੀ ਸਫਲਤਾ ਲਈ ਵਕੀਲ ਭਾਈਚਾਰੇ ਨੂੰ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਚੋਣਵੇਂ ਵਕੀਲਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਮੈਡਮ ਨਵਜੋਤ ਕੌਰ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਬਹੁਤ ਪਹਿਲਾਂ ਸ਼ੁਰੂ ਕਰ ਦਿੱਤੀਆਂ ਹਨ, ਤਾਂ ਜੋ

ਇਨ੍ਹਾਂ ਦਾ ਪ੍ਰਚਾਰ ਅਤੇ ਪਸਾਰ ਪੂਰਨ ਰੂਪ ਵਿੱਚ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਕਰਾਈ ਜਾ ਸਕੇ ਅਤੇ ਉਨ੍ਹਾਂ ਦੇ ਪੈਂਡਿੰਗ ਕੇਸਾਂ ਜਾਂ ਉਹ ਕੇਸ ਜੋ ਹਾਲੇ ਅਦਾਲਤ ਵਿੱਚ ਨਹੀਂ ਪਾਏ, ਦਾ ਨਿਪਟਾਰਾ ਕੀਤਾ ਜਾ ਸਕੇ। ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਨੇ ਕਿਹਾ ਕਿ ਆਗਾਮੀ ਰਾਸ਼ਟਰੀ ਲੋਕ ਅਦਾਲਤ ਦੀ ਸਫਲਤਾ ਲਈ ਵੱਡੀ ਗਿਣਤੀ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਇਸ ਨੂੰ ਇੱਕ ਲੋਕ ਲਹਿਰ ਬਣਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਆਰ.ਪੀ.ਐਸ. ਤੇਜੀ ਜੱਜ ਸਥਾਈ ਲੋਕ ਅਦਾਲਤ, ਮਾਨਸਾ, ਸ਼੍ਰੀ ਕੇ.ਸੀ ਗਰਗ ਪ੍ਰਧਾਨ ਬਾਰ ਐਸੋਸ਼ੀਏਸ਼ਨ ਮਾਨਸਾ, ਐਡਵੋਕੇਟ ਬਲਵੰਤ ਭਾਟੀਆ, ਨਵਲ ਕੁਮਾਰ ਗੋਇਲ, ਪ੍ਰਮੋਦ ਜ਼ਿੰਦਲ, ਪ੍ਰਦੀਪ ਕੁਮਾਰ ਸਿੰਗਲਾ, ਐਨ.ਕੇ ਸ਼ਰਮਾ, ਸ਼੍ਰੀਮਤੀ ਸਰੀਤਾ ਗਰਗ ਅਤੇ ਸ਼੍ਰੀਮਤੀ ਸ਼ਸ਼ੀ ਬਾਲਾ ਮੈਂਬਰਜ (ਸਥਾਈ ਲੋਕ ਅਦਾਲਤ) ਹਾਜ਼ਰ ਸਨ।
