
ਚੰਡੀਗੜ੍ਹ (ਸਾਰਾ ਯਹਾਂ/ਬਿਊਰੋ ਨਿਊਜ਼ ): 1997 ਬੈਚ ਦੇ ਆਈਏਐਸ ਅਧਿਕਾਰੀ ਰਾਹੁਲ ਭੰਡਾਰੀ, ਜੋ ਇਸ ਸਮੇਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਹਨ, ਨੇ ਅੱਜ ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ।
ਦੋਵਾਂ ਵਿਭਾਗਾਂ ਦਾ ਅਹੁਦਾ ਸੰਭਾਲਣ ਉਪਰੰਤ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸੋਨਾਲੀ ਗਿਰਿ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨਾਲ ਮੀਟਿੰਗਾਂ ਕਰਕੇ ਦੋਹਾਂ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ।
ਪ੍ਰਮੁੱਖ ਸਕੱਤਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਟੀਚਿਆਂ ਅਤੇ ਉਦੇਸ਼ਾਂ ਦੀ ਪ੍ਰਾਪਤੀ ਲਈ ਵਿਭਾਗਾਂ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਨੂੰ ਪ੍ਰਮੁੱਖ ਤਰਜੀਹ ਦੇਣਗੇ।
