ਮਾਨਸਾ, 16 ਸਤੰਬਰ- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਨੇ ਕਾਰਵਾਈ ਕਰਦੇ ਹੋਏ ਮਾਨਸਾ ਦੇ ਕਸਬਾ ਝੁਨੀਰ ਦੇ ਰਜਿਸਟਰੀ ਕਲਰਕ ਗੁਰਪ੍ਰਕਾਸ਼ ਸਿੰਘ ਅਤੇ ਚੌਕੀਦਾਰ ਮੰਗਤ ਸਿੰਘ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਅਤੇ ਚੌਕੀਦਾਰ ਨੂੰ ਜ਼ਿਲ੍ਹਾ ਮਾਨਸਾ ਦੇ ਪਿੰਡ ਬੁਰਜ ਭਲਾਈ ਦੇ ਵਾਸੀ ਬਹਾਦਰ ਸਿੰਘ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਕਲਰਕ ਉਸ ਦੀ ਜਾਇਦਾਦ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਲਈ 5,000 ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ 2,000 ਰੁਪਏ ਵਿੱਚ ਤੈਅ ਹੋ ਗਿਆ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਹ ਇਸੇ ਕੰਮ ਲਈ ਨਾਇਬ ਤਹਿਸੀਲਦਾਰ ਝੁਨੀਰ ਨੂੰ ਪਹਿਲਾਂ ਹੀ 15,000 ਰੁਪਏ ਅਦਾ ਕਰ ਚੁੱਕਾ ਹੈ। ਵਿਜੀਲੈਂਸ ਟੀਮ ਨੇ ਉਸ ਦੀ ਇਤਲਾਹ ‘ਤੇ ਪੜਤਾਲ ਕਰਨ ਉਪਰੰਤ ਜਾਲ ਵਿਛਾ ਕੇ ਦੋਸ਼ੀ ਚੌਕੀਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਜਿਸਟਰੀ ਕਲਰਕ ਦੀ ਤਰਫੋਂ ਸ਼ਿਕਾਇਤਕਰਤਾ ਕੋਲੋਂ ਦੋ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਰਿਸ਼ਵਤਖੋਰੀ ਦੇ ਇਸ ਮਾਮਲੇ ਵਿੱਚ ਦੋਸ਼ੀ ਰਜਿਸਟਰੀ ਕਲਰਕ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।