*ਰੇਲਵੇ ਟ੍ਰੈਕ ਜਾਮ ਕਰਨ ਵਾਲੇ ਕਿਸਾਨਾਂ ਖਿਲਾਫ ਵੱਡੀ ਕਾਰਵਾਈ, ਸੈਂਕੜੇ ਕਿਸਾਨਾਂ ਖਿਲਾਫ ਕੇਸ ਦਰਜ*

0
79

ਸੋਨੀਪਤ: (ਸਾਰਾ ਯਹਾਂ) : ਬੀਤੇ ਦਿਨ ਲਖੀਮਪੁਰ ਖੇੜੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫਤਾਰੀ ਤੇ ਅਸਤੀਫੇ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿੱਚ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕੀਤੇ ਸਨ। ਹੁਣ ਰੇਲਵੇ ਪੁਲਿਸ ਨੇ ਸੈਂਕੜੇ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਜਾ ਰਹੇ ਹਨ।

ਦੱਸਣਯੋਗ ਹੈ ਕਿ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਤੇ ਟਰੇਡ ਯੂਨੀਅਨਾਂ ਨੇ ਦੇਸ਼ ਭਰ ਵਿੱਚ ਰੇਲ ਰੋਕੋ ਮੁਹਿੰਮ ਤਹਿਤ ਰੇਲਾਂ ਰੋਕੀਆਂ। ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫਤਾਰੀ ਤੇ ਅਸਤੀਫੇ ਦੀ ਮੰਗ ਕੀਤੀ। ਇਸ ਤੋਂ ਬਾਅਦ ਸੋਨੀਪਤ ਆਰਪੀਐਫ ਪੁਲਿਸ ਨੇ ਰੇਲਵੇ ਅਧੀਨ ਮਾਮਲਾ ਦਰਜ ਕਰ ਕੇ ਲਗਪਗ 100 ਅਣਪਛਾਤੇ ਕਿਸਾਨਾਂ ਦੇ ਵਿਰੁੱਧ ਕਾਰਵਾਈ ਕੀਤੀ ਹੈ।

ਆਰਪੀਐਫ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ ਇੰਸਪੈਕਟਰ ਸੁਨੀਲ ਮਲਿਕ ਨੇ ਦੱਸਿਆ ਕਿ ਕੱਲ੍ਹ ਕਿਸਾਨਾਂ ਨੇ ਸੋਨੀਪਤ ਰੇਲਵੇ ਸਟੇਸ਼ਨ ‘ਤੇ ਕਰੀਬ 6 ਘੰਟਿਆਂ ਲਈ ਟਰੈਕ ਨੂੰ ਜਾਮ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸੋਨੀਪਤ ਆਰਪੀਐਫ ਨੇ ਰੇਲਵੇ ਐਕਟ ਤਹਿਤ ਲਗਭਗ 100 ਕਿਸਾਨਾਂ ‘ਤੇ ਮਾਮਲਾ ਦਰਜ ਕੀਤਾ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ 4 ਕਿਸਾਨਾਂ ਤੇ ਇੱਕ ਪੱਤਰਕਾਰ ਦੀ ਮੌਤ ਦੇ ਮਾਮਲੇ ਵਿੱਚ ਰੋਸ ਵਧਦਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਇਸ ਪੂਰੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫਤਾਰੀ ਤੇ ਅਸਤੀਫੇ ਦੀ ਮੰਗ ਕਰ ਰਿਹਾ ਹੈ।

NO COMMENTS