ਚੰਡੀਗੜ੍ਹ, ਜੁਲਾਈ 1 (ਸਾਰਾ ਯਹਾ /ਬਲਜੀਤ ਸ਼ਰਮਾ) : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਚੰਡੀਗੜ੍ਹ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਇਨਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ’ਤੇ ਤੈਨਾਤੀ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ।
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਅਦਾ ਕੀਤੀ ਗਈ ਹੈ ਅਤੇ ਹੁਣ ਉਹ ਆਸ ਕਰਦੇ ਹਨ ਕਿ ਇਹ ਸਮੂਹ ਕਰਮਚਾਰੀ ਆਪੋ-ਆਪਣੇ ਦਫ਼ਤਰਾਂ ’ਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
ਉਨ੍ਹਾਂ ਦੱਸਿਆ ਕਿ ਇਨਾਂ ਕਰਮਚਾਰੀਆਂ ਵਿੱਚੋਂ 7 ਨੂੰ ਗਰੁੱਪ ਸੀ ਅਤੇ 36 ਨੂੰ ਗਰੁੱਪ ਡੀ ਸ਼੍ਰੇਣੀ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ’ਚ ਤਰਸ ਦੇ ਆਧਾਰ ‘ਤੇ ਨੌਕਰੀ ਦਿੱਤੀ ਗਈ ਹੈ।
ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀਮਤੀ ਜਸਪ੍ਰੀਤ ਤਲਵਾਰ, ਵਿਭਾਗ ਦੇ ਮੁਖੀ ਸ਼੍ਰੀ ਅਮਿਤ ਤਲਵਾਰ, ਡਿਪਟੀ ਡਾਇਰੈਕਟਰ (ਐਡਮਿਨ) ਡਾ. ਕਰਮਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।