ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਮੈਂ ਲਖੀਮਪੁਰ ਖੇੜੀ ਲਈ ਰਵਾਨਾ ਹੋ ਰਿਹਾ ਹਾਂ। ਇਸ ਤੋਂ ਪਹਿਲਾਂ ਏਬੀਪੀ ਨਿਊਜ਼ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਨੇ ਯੋਗੀ ਸਰਕਾਰ ਨੂੰ ਹਿੰਸਾ ਨੂੰ ਲੈ ਕੇ ਨਿਸ਼ਾਨਾ ਸਾਧਿਆ। ਚੰਨੀ ਨੇ ਕਿਹਾ ਕਿ ਕਿਸਾਨਾਂ ਨੂੰ ਮਾਰਿਆ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਸੀਐਮ ਚੰਨੀ ਨੇ ਟਵੀਟ ਕੀਤਾ, “ਕਿਸਾਨਾਂ ਦੇ ਦੁਖੀ ਪਰਿਵਾਰਾਂ ਨਾਲ ਇੱਕਜੁਟਤਾ ਪ੍ਰਗਟਾਉਂਦੇ ਹੋਏ, ਮੈਂ ਦੁੱਖ ਦੀ ਇਸ ਘੜੀ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਦੇ ਨਾਲ ਹੋਣ ਲਈ ਲਖੀਮਪੁਰ ਖੇੜੀ ਲਈ ਰਵਾਨਾ ਹੋ ਰਿਹਾ ਹਾਂ। ਮੈਂ ਯੂਪੀ ਸਰਕਾਰ ਤੋਂ ਹੈਲੀਕਾਪਟਰ ਨੂੰ ਸਾਈਟ ‘ਤੇ ਉਤਾਰਨ ਦੀ ਆਗਿਆ ਦੀ ਮੰਗ ਵੀ ਕੀਤੀ ਹੈ।”
ਸੀਐਮ ਚੰਨੀ ਨੇ ਕਿਹਾ ਕਿ ਅੱਜ ਮੈਂ ਇਸ ਘਟਨਾ ਕਾਰਨ ਬਹੁਤ ਦੁਖੀ ਹਾਂ। ਉਥੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਾਰਿਆ ਗਿਆ ਹੈ। ਇਹ ਘਟਨਾ ਬਹੁਤ ਗਲਤ ਹੈ। ਭਾਜਪਾ ਸਰਕਾਰ ਨੇ ਇੰਨਾ ਵੱਡਾ ਘੁਟਾਲਾ ਕੀਤਾ ਹੈ। ਹੁਣ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਆਪਣਾ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਇਸ ਘਟਨਾ ਦੀ ਅਦਾਲਤ ਦੁਆਰਾ ਜਾਂਚ ਹੋਣੀ ਚਾਹੀਦੀ ਹੈ। ਕਦੋਂ ਤੱਕ ਕਿਸਾਨ ਇਸੇ ਤਰ੍ਹਾਂ ਮਰਦੇ ਰਹਿਣਗੇ? ਸਰਕਾਰ ਨੂੰ ਤਿੰਨੇ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।
ਕੀ ਹੈ ਮਾਮਲਾ?
ਜ਼ਿਕਰਯੋਗ ਹੈ ਕਿ ਲਖੀਮਪੁਰ ਖੇੜੀ ਦੇ ਸੰਸਦ ਮੈਂਬਰ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੇ ਐਤਵਾਰ ਨੂੰ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਉਨ੍ਹਾਂ ਦੇ ਜੱਦੀ ਪਿੰਡ ਬਨਬੀਰਪੁਰ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਜਾਣ ਦਾ ਵਿਰੋਧ ਕੀਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਕਾਰ ਚੜ੍ਹਾ ਦਿੱਤੀ, ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਕਿਸਾਨਾਂ ਦਾ ਆਰੋਪ ਹੈ ਕਿ ਜਿਸ ਐਸਯੂਵੀ ਵਿੱਚ ਮਿਸ਼ਰਾ ਦਾ ਬੇਟਾ ਸਵਾਰ ਸੀ, ਉਸ ਨੇ ਕਿਸਾਨਾਂ ਨੂੰ ਕੁਚਲ ਦਿੱਤਾ।