(ਸਾਰਾ ਯਹਾਂ/ਬਿਊਰੋ ਨਿਊਜ਼ ) ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਹਿੱਲ਼ਜੁੱਲ ਸ਼ੁਰੂ ਹੋ ਗਈ ਹੈ। ਅੱਜ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਜਸਕਰਨ ਸਿੰਘ, ਐਸਐਸਪੀ ਮਾਨਸਾ ਨਾਨਕ ਸਿੰਘ ਤੇ ਐਸਪੀਡੀ ਬਾਲਕਿਸ਼ਨ ਸਿੰਗਲਾ ਮਾਨਸਾ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ।
ਐਸਆਈਟੀ ਦੇ ਮੁਖੀ ਜਸਕਰਨ ਸਿੰਘ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ‘ਚ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਠਿੰਡਾ ਜੇਲ੍ਹ ਤੋਂ ਪੜਤਾਲ ਕੀਤੀ ਹੈ। ਉੱਥੋਂ ਕੋਈ ਰਿਕਾਰਡਿੰਗ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਜਲਦ ਇਨਸਾਫ ਮਿਲੇਗਾ।
ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਲਾਰੈਂਸ ਬਿਸ਼ਨੋਈ ਨੇ ਕਿਹਾ ਹੈ ਕਿ ਉਸ ਨੇ ਆਪਣੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ ।
ਲਾਰੈਂਸ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਵਿੱਚ ਖੁਦ ਨੂੰ ਇੱਕ ਡੌਨ ਵਾਂਗ ਪੇਸ਼ ਕਰਦਾ ਸੀ । ਉਸ ਨੇ ਕਿਹਾ ਕਿ ਗੋਲਡੀ ਬਰਾੜ ਨਾਲ ਤਾਲਮੇਲ ਕਰਕੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਲਈ ਇਕ ਸਾਲ ਪਹਿਲਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ ਤੇ ਅਖੀਰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਉਸ ਨੂੰ ਕਤਲ ਕਰ ਦਿੱਤਾ ਗਿਆ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਦੱਸਿਆ ਜਾਂਦਾ ਹੈ ਕਿ ਉਸ ਦੇ ਸਰੀਰ ’ਤੇ 47 ਗੋਲ਼ੀਆਂ ਲੱਗੀਆਂ ਸਨ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ।