*ਲੇਖ ਲਿਖਣ ਮੁਕਾਬਲੇ ਵਿੱਚੋਂ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ*

0
42

ਮਾਨਸਾ (ਸਾਰਾ ਯਹਾਂ/ ਮੁੱਖ ਸੰਪਾਦਕ ) : ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਮਾਨਸਾ ਵੱਲੋਂ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ
ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ । ਇਹ ਮੁਕਾਬਲੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਤਜਿੰਦਰ ਕੌਰ ਅਤੇ ਜ਼ਿਲ੍ਹਾ ਖੋਜ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਜੀ ਦੀ ਯੋਗ ਅਗਵਾਈ ਹੇਠ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਦੇ ਮੁੱਖ ਮਹਿਮਾਨ ਉੱਘੇ ਕਹਾਣੀਕਾਰ ਅਤੇ ਆਲੋਚਕ ਸ੍ਰੀ ਨਿਰੰਜਣ ਬੋਹਾ ਜੀ ਸਨ । ਇਨ੍ਹਾਂ ਮੁਕਾਬਲਿਆਂ ਵਿੱਚ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਤੱਕ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ । ਇਨ੍ਹਾਂ ਸਾਹਿਤ ਸਿਰਜਣ ਮੁਕਾਬਲਿਆਂ ਅਧੀਨ ਹੋਏ ਮੌਕੇ ‘ਤੇ ਲੇਖ ਲਿਖਣ ਦੇ ਸਖ਼ਤ ਮੁਕਾਬਲੇ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਦੀ ਵਿਦਿਆਰਥਣ ਰੀਤ ਰੁਪਿੰਦਰ ਪੁੱਤਰੀ ਸ੍ਰੀ ਅੰਮ੍ਰਿਤਪਾਲ ਸਿੰਘ ਜਮਾਤ ਦਸਵੀਂ ਏ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪਦਮਨੀ ਸਿੰਗਲਾ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ਤੇ ਮਾਣ ਮਹਿਸੂਸ ਕਰਦੇ ਹੋਏ ਜ਼ਿਲ੍ਹੇ ਵਿਚੋਂ ਜੇਤੂ ਵਿਦਿਆਰਥਣ ਰੀਤ ਰੁਪਿੰਦਰ , ਗਾਈਡ ਅਧਿਆਪਕ ਡਾ. ਵਿਨੋਦ ਮਿੱਤਲ, ਸਮੂਹ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ । ਸਕੂਲ ਦੇ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਜੀ, ਜਿਨ੍ਹਾਂ ਨੇ ਇਸ ਵਿਦਿਆਰਥਣ ਦੀ ਅਗਵਾਈ ਕੀਤੀ, ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅੱਗੇ ਤੋਂ ਹੋਰ ਵੀ ਉਤਸ਼ਾਹ ਦੇ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਦਿਵਾਇਆ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਵੀ ਇਸ ਤੋਂ ਪ੍ਰੇਰਨਾ ਲੈਂਦੇ ਹੋਏ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਗਤੀਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ ।

NO COMMENTS