*ਲੋਕਤੰਤਰ ਦੀ ਮੁੱਢਲੀ ਇਕਾਈ ਦੇ ਮੈਂਬਰ ਇਮਾਨਦਾਰੀ ਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਆਪਣੀਆਂ ਸੇਵਾਵਾਂ ਨਿਭਾਉਣ-ਵਿੱਤ ਮੰਤਰੀ ਹਰਪਾਲ ਚੀਮਾ*

0
19

ਮਾਨਸਾ, 19 ਨਵੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਲੋਕਤੰਤਰ ਦੀ ਮੁੱਢਲੀ ਇਕਾਈ ਦੇ ਮੈਂਬਰ ਬਣੇ ਸਮੂਹ ਪੰਚ ਸਾਹਿਬਾਨ ਨਿਰੰਤਰ ਇਮਾਨਦਾਰੀ, ਬਿਨ੍ਹਾਂ ਕਿਸੇ ਭੇਦਭਾਵ ਦੇ ਆਪਣੀਆਂ ਸੇਵਾਵਾਂ ਨਿਭਾਉਣ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ੍ਰ. ਹਰਪਾਲ ਸਿੰਘ ਚੀਮਾ ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨਵੇਂ ਚੁਣੇ ਗਏ 1886 ਪੰਚਾਂ ਨੂੰ ਸਹੁੰ ਚੁਕਾਉਣ ਉਪਰੰਤ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ. ਬੁੱਧ ਰਾਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ, ਸੀਨੀਅਰ ਆਪ ਆਗੂ ਸ੍ਰ. ਚੁਸ਼ਪਿੰਦਰਬੀਰ ਸਿੰਘ ਚਹਿਲ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।
ਕੈਬਨਿਟ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਸਮੂਹ ਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭੇਜੀਆਂ ਜਾਣ ਵਾਲੀਆਂ ਗ੍ਰਾਂਟਾਂ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਦੇ ਵਿਕਾਸ ਕਰਕੇ ਉਨ੍ਹਾਂ ਨੂੰ ਹੋਰ ਤਰੱਕੀ ਦੀਆਂ ਲੀਹਾਂ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਦੇ ਸਰਬਪੱਖੀ ਵਿਕਾਸ ਵਿੱਚ ਪੰਚਾਇਤ ਆਪਣਾ ਅਹਿਮ ਰੋਲ ਅਦਾ ਕਰ ਸਕਦੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 101 ਪਿੰਡਾਂ ਵਿੱਚ 3.03 ਕਰੋੜ ਦੀ ਲਾਗਤ ਨਾਲ ਸਾਂਝੇ ਪਖ਼ਾਨੇ ਬਣਾਏ ਗਏ ਹਨ।  ਗੰਦੇ ਪਾਣੀ ਦੇ ਨਿਕਾਸ ਲਈ ਹੁਣ ਤੱਕ 245 ਪਿੰਡਾਂ ਲਈ 14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਲਗਭਗ 35 ਹਜ਼ਾਰ ਘਰਾਂ ਵਿੱਚ ਨਿੱਜੀ ਪਖਾਨੇ ਬਣਾਉਣ ਲਈ ਲਗਭਗ 52.50 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਇਸ ਮੌਕੇ ਇਕੱਤਰ ਪੰਚਾਂ, ਸਰਪੰਚਾਂ ਨੂੰ ਵੀ ਸੂਬੇ ਦੀ ਤਰੱਕੀ ’ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਵਿੱਤ ਮੰਤਰੀ ਨੇ ਹਾਜ਼ਰੀਨ ਪੰਚਾਇਤਾਂ ਦੇ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਸੰਭਾਲ ਲਈ ਚੰਗਾ ਪਾਣੀ, ਸ਼ੁੱਧ ਹਵਾ ਨੂੰ ਬਰਕਰਾਰ ਰੱਖਣ ਵਿਚ ਆਪਣਾ ਯੋਗਦਾਨ ਪਾਉਣ।
ਇਸ ਤੋਂ ਪਹਿਲਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ. ਬੁੱਧ ਰਾਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਉਪਲੱਬਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ. ਜਸਵੰਤ ਸਿੰਘ ਬੜੈਚ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ਼ ਸਿੰਗਲਾ, ਐਸ.ਪੀ. ਸ੍ਰੀ ਜਸਕੀਰਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਮਾਨਸਾ ਦੇ ਵੱਖ ਵੱਖ ਪਿੰਡਾਂ ਦੇ ਸਰਪੰਚ, ਪੰਚ ਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।

LEAVE A REPLY

Please enter your comment!
Please enter your name here