ਮਾਨਸਾ, 15 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਲੋਕਾਂ ਤੱਕ ਜਲਦੀ ਅਤੇ ਸੁਚੱਜੇ ਢੰਗ ਨਾਲ ਸੂਚਨਾ ਪਹੁੰਚਾਉਣ ਵਿੱਚ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ, ਇਸ ਲਈ ਕੋਵਿਡ-19 ਤੋਂ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਚਲਾਏ ਗਏ ਮਿਸ਼ਨ ਫਤਿਹ ਤਹਿਤ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਨੂੰ ਜ਼ਿਲ੍ਹਾ ਵਾਸੀਆਂ ਤੱਕ ਪੰਹੁਚਾਉਣ ਵਿੱਚ ਮੀਡੀਆ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਪੂਰਨ ਸਹਿਯੋਗ ਦੇਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਅੱਜ ਮਿਸ਼ਨ ਫਹਿਤ ਤਹਿਤ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਕੋਰੋਨਾ ਵਾਇਰਸ ਦੇ ਚੱਲਦਿਆਂ ਮੁਹਰਲੀ ਕਤਾਰ ਵਿੱਚ ਖੜੇ ਹੋ ਕੇ ਲੋਕਾਂ ਤੱਕ ਖ਼ਬਰਾਂ ਪੰਹੁਚਾਉਣ ਕਾਰਨ ਪੱਤਰਕਾਰਾਂ ਦੇ ਮਿਸ਼ਨ ਫਤਿਹ ਦੇ ਬੈਜ ਵੀ ਲਗਾਏ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਰੂਰੀ ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ ਅਤੇ ਲੋਕਾਂ ਨੂੰ ਇਨ੍ਹਾਂ ਸਾਵਧਾਨੀਆਂ ਦੀ ਵਰਤੋਂ ਲਈ ਪ੍ਰੇਰਿਤ ਕਰਨ ਲਈ ਸਰਕਾਰ ਵੱਲੋਂ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਵਧਾਨੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਕੇ ਪੱਤਰਕਾਰ ਕੋਵਿਡ-19 ਦੀ ਚਪੇਟ ਤੋਂ ਲੋਕਾਂ ਨੂੰ ਬਚਾਈ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੱਤਰਕਾਰਾਂ ਵੱਲੋਂ ਕੋਵਿਡ-19 ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਾਫ਼ੀ ਸਹਿਯੋਗ ਦਿੱਤਾ ਗਿਆ ਹੈ ਅਤੇ ਹੁਣ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਵਿੱਚ ਵੀ ਉਨ੍ਹਾਂ ਦੇ ਸਹਿਯੋਗ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਫਤਿਹ ਦੇ ਤੀਜੇ ਸਪਤਾਹ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ 16 ਪ੍ਰਚਾਰ ਵੈਨਾਂ ਚਲਾਈਆਂ ਗਈਆਂ ਜਿਨ੍ਹਾਂ ਵੱਲੋਂ ਹਰ ਗਲੀ-ਮੁਹੱਲੇ ਵਿੱਚ ਜਾ ਕੇ ਕੋਵਿਡ-19 ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 15 ਜੂਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੋਵਲ ਕੋਰੋਨਾ ਵਾਇਰਸ ਦੇ ਚੱਲਦਿਆਂ ਮੁਹਰਲੀ ਕਤਾਰ ਵਿੱਚ ਖੜ੍ਹੇ ਰਹਿਣ ਵਾਲੇ ਕੋਰੋਨਾ ਯੋਧਿਆਂ ਨੂੰ ਮਿਸ਼ਨ ਫ਼ਤਿਹ ਦਾ ਬੈਜ ਲਗਾਇਆ ਗਿਆ। ਸ਼੍ਰੀ ਚਹਿਲ ਨੇ ਦੱਸਿਆ ਕਿ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਦੱਸਿਆ ਜਾਵੇਗਾ ਅਤੇ 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ ਦੀ ਰੋਕਥਾਮ ਲਈ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸੇ ਤਰ੍ਹਾਂ 18 ਜੂਨ ਨੂੰ ਜ਼ਿਲ੍ਹੇ ਵਿੱਚ ਮੁੜ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 19 ਜੂਨ ਨੂੰ ਜ਼ਿਲ੍ਹੇ ਦੀਆਂ ਐਨ.ਜੀ.ਓਜ਼. ਵਲੋਂ ਬੈਜ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਵੀ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸੁਚੇਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਗਤੀਵਿਧੀਆਂ ਦੌਰਾਨ ਕੋਰੋਨਾ ਯੋਧਿਆਂ ਵਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ‘ਤੇ ਅਪਲੋਡ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਵਿੱਚੋਂ ਮਿਸ਼ਨ ਫਤਿਹ ਯੋਧੇ ਵੀ ਐਲਾਨੇ ਜਾਣਗੇ ਜਿਨ੍ਹਾਂ ਨੂੰ ਜ਼ਿਲ੍ਹਾ ਪੱਧਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਮਿਸ਼ਨ ਫਤਿਹ ਯੋਧੇ ਬਣਨ ਲਈ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਕੇ ਉਸ ਵਿੱਚ ਰਜਿਸਟਰਡ ਹੋਣਾ ਪਵੇਗਾ ਅਤੇ ਕੋਵਿਡ-19 ਸਬੰਧੀ ਜ਼ਰੂਰੀ ਸਾਵਧਾਨੀਆਂ ਵਰਤ ਕੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਪੁਆਇੰਟਸ ਮਿਲਣਗੇ ਜਿਸ ਦੇ ਅਧਾਰ ‘ਤੇ ਹਰ ਰੋਜ਼ ਰਾਜ ਪੱਧਰ ‘ਤੇ 25 ਮਿਸ਼ਨ ਫਤਿਹ ਯੋਧੇ ਐਲਾਨੇ ਜਾਣਗੇ ਜਿਨ੍ਹਾ ਨੂੰ ਬਰੋਂਨਜ਼ ਸਰਟੀਫਿਕੇਟ ਦੇ ਨਾਲ ਇੱਕ ਟੀ-ਸ਼ਰਟ ਪ੍ਰਦਾਨ ਕੀਤੀ ਜਾਵੇਗੀ। ਇਸੇ ਤਰ੍ਹਾਂ ਹਫਤਾਵਰੀ ਪੱਧਰ ‘ਤੇ 50 ਵਿਅਕਤੀਆਂ ਨੂੰ ਸਿਲਵਰ ਸਰਟੀਫਿਕੇਟ ਦੇ ਨਾਲ ਇੱਕ ਟੀ-ਸ਼ਰਟ ਅਤੇ ਮਹੀਨੇ ਬਾਅਦ 100 ਵਿਅਕਤੀਆਂ ਨੂੰ ਗੋਲਡ ਸਰਟੀਫਿਕੇਟ ਅਤੇ ਨਾਲ ਇੱਕ ਟੀ-ਸ਼ਰਟ ਪ੍ਰਦਾਨ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕਰਫਿਊ ਜਾਂ ਲਾਕਡਾਊਨ ਦੌਰਾਨ ਜਿਨ੍ਹਾਂ ਵਿਅਕਤੀਆਂ ਦੇ ਚਲਾਨ ਹੋਏ ਹਨ ਉਹ ਸਬੰਧਤ ਇਲਾਕਾ ਮੈਜਿਸਟ੍ਰੇਟ ਨੂੰ ਇੱਕ ਆਮ ਦਰਖ਼ਾਸਤ ਦੇ ਕੇ ਆਪਣਾ ਚਲਾਨ ਆਪਣੀ ਸਬੰਧਤ ਸਬ-ਡਵੀਜ਼ਨ ਦੀ ਅਦਾਲਤ ਵਿੱਚ ਟਰਾਂਸਫਰ ਕਰਵਾ ਕੇ ਭਰ ਸਕਦੇ ਹਨ, ਜਿਸ ਨਾਲ ਆਮ ਲੋਕਾਂ ਦੀ ਆਉਣ-ਜਾਣ ਦੀ ਖੱਜਲ-ਖੁਆਰੀ ਨਹੀਂ ਹੋਵੇਗੀ।