ਮਾਨਸਾ, 18 ਮਈ (ਸਾਰਾ ਯਹਾਂ/ ਮੁੱਖ ਸੰਪਾਦਕ) : ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾਂ ਨੂੰ ਰੋਕਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਦੂਜੇ ਵਿਭਾਗਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਰਜਿੰਦਰ ਸਿੰਘ ਜੱਸਲ ਨੇ ਸਥਾਨਕ ਬੱਚਤ ਭਵਨ ਵਿਖੇ ‘ਟਾਸਕ ਫੋਰਸ ਤੰਬਾਕੂ ਕੰਟਰੋਲ ਕਮੈਟੀ ਦੀ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨਗੀ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਮੌਕੇ ‘ਤੇ ਜੁਰਮਾਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੱਖ ਵੱਖ ਮਾਧਿਅਮਾਂ ਰਾਹੀਂ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆ ਨੂੰ ਤੰਬਾਕੂ ਸੇਵਨ ਦੇ ਮਾੜੇ ਪ੍ਰਭਾਵਾ ਬਾਰੇ ਜਾਣੂ ਕਰਵਾਇਆ ਜਾਵੇ।
ਡਾ. ਅਰਸ਼ਦੀਪ ਸਿੰਘ ਅਤੇ ਸਹਾਇਕ ਮਲੇਰੀਆ ਅਫ਼ਸਰ ਸ੍ਰੀ ਗੁਰਜੰਟ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਾਨਸਾ ਸ਼ਹਿਰ ‘ਚ ਰੇਲਵੇ ਸਟੇਸ਼ਨ, ਬਸ ਸਟੈਂਡ, ਪਬਲਿਕ ਥਾਵਾਂ ਨੇੜੇ ਆਦਿ ਹੁਣ ਤੱਕ 260 ਵਿਅਕਤੀਆਂ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ‘ਤੇ ਮੌਕੇ ‘ਤੇ ਜੁਰਮਾਨਾ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਤੰਬਾਕੂ ਦਾ ਸੇਵਨ ਨਾਲ ਕੈਂਸਰ, ਟੀਬੀ, ਸਾਹ ਦੀਆਂ ਬਿਮਾਰੀਆਂ, ਬਲੱਡ ਪ੍ਰੈਸ਼ਰ ਅਤੇ ਹੋਰ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਦਾ ਕਾਰਨ ਬਣਦਾ ਹੈ। 90 ਫ਼ੀਸਦੀ ਕੇਸਾਂ ਵਿੱਚ ਮੂੰਹ ਦਾ ਕੈਂਸਰ ਤੰਬਾਕੂ ਯੁਕਤ ਗੁਟਕਾ ਪਾਨ ਮਸਾਲਾ ਦੀ ਵਰਤੋਂ ਕਰਨ ਨਾਲ ਹੁੰਦਾ ਹੈ। ਗਰਭਵਤੀ ਔਰਤ ਵਲੋ ਤੰਬਾਕੂ ਦਾ ਸੇਵਨ ਕਰਨ ‘ਤੇ ਉਸ ਦੇ ਜਨਮ ਲੈਣ ਵਾਲੇ ਬੱਚੇ ‘ਤੇ ਮਾੜਾ ਅਸਰ ਪੈਂਦਾ ਹੈ। ਸਿਗਰਟ ਨੋਸ਼ੀ ਕਰਨ ਨਾਲ ਕੇਵਲ ਪੀਣ ਵਾਲਿਆ ‘ਤੇ ਅਸਰ ਹੁੰਦਾ ਹੈ ਸਗੋਂ ਆਲੇ ਦੁਆਲੇ ਦੇ ਲੋਕਾਂ ਦੀ ਸਿਹਤ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋ 260 ਚਲਾਨ ਕੀਤੇ ਅਤੇ 3110 ਰੁਪੈ ਵਸੂਲ ਪਾਏ ਗਏ ਹਨ।