*ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ*

0
34

ਮਾਨਸਾ, 29 ਅਗਸਤ:(ਸਾਰਾ ਯਹਾਂ/ਮੁੱਖ ਸੰਪਾਦਕ)
ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਬਰਨਾਲਾ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ.  ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨ ਸੁਣਵਾਈ ਕੈਂਪਾਂ ਦਾ ਮਨੋਰਥ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਦਫਤਰਾਂ ਤੱਕ ਪਹੁੰਚ ਕਰਨ ਦੀ ਬੇਲੋੜੀ ਖੱਜਲ ਖੁਆਰੀ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇਂ ਦੀ ਘਾਟ ਕਾਰਨ ਵੱਖ ਵੱਖ ਵਿਭਾਗਾਂ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਖੇਤਰਾਂ ਤੱਕ ਪਹੁੰਚ ਕਰਕੇ ਸਾਝੀਆਂ ਥਾਵਾਂ ਉਤੇ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ।
      ਉਨ੍ਹਾਂ ਦੱਸਿਆ ਕਿ ਜਨ ਸੁਣਵਾਈ ਕੈਂਪ ਵਿਚ ਵੱਖ ਵੱਖ ਵਿਭਾਗੀ ਅਧਿਕਾਰੀਆਂ ਵੱਲੋਂ ਖੁਦ ਮੌਜੂਦ ਰਹਿ ਕੇ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਮੌਕੇ ਇਲਾਕੇ ਦੇ ਲੋਕਾਂ ਨੇ ਆਪਣੀਆਂ ਸਮੱਸਿਆਵਾ ਦੱਸੀਆਂ ਅਤੇ ਯੋਗ ਸਮੱਸਿਆਵਾ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਜਿਹੜੇ ਮਾਮਲੇ ਕਿਸੇ ਕਾਰਨ ਬਕਾਇਆ ਰਹੇ ਉਨ੍ਹਾਂ ਨੂੰ ਸਮਾਬੱਧ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨ ਸੁਣਵਾਈ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਲਾਹਾ ਲੈਣ ਤਾਂ ਜੋ ਉਨ੍ਹਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਸੁਖਾਲੇ ਤੇ ਸਮਾਂਬੱਧ ਢੰਗ ਨਾਲ ਹੋ ਸਕਣ। 

NO COMMENTS