*ਲੋਕ ਨਿਰਮਾਣ ਮੰਤਰੀ ਵੱਲੋਂ ਸੜਕੀ ਮਾਰਗਾਂ ਨਾਲ ਲਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਨਿਰਦੇਸ਼*

0
79

ਚੰਡੀਗੜ੍ਹ, 18 ਅਗਸਤ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸੜਕਾਂ ਦੇ ਨਾਲ ਲਗਦੇ ਵਪਾਰਕ ਅਦਾਰਿਆਂ ਜਿਵੇਂ ਕਿ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ, ਉਦਯੋਗਿਕ ਫੈਕਟਰੀਆਂ, ਹੋਟਲਾਂ/ਢਾਬੇ ਆਦਿ ਤੋਂ ਪਹੁੰਚ ਮਾਰਗ ਸਬੰਧੀ ਬਕਾਏ ਦੀ ਤੁਰੰਤ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਰਾਜ ਮਾਰਗਾਂ ਨਾਲ ਲੱਗਦੇ ਕਈ ਅਦਾਰਿਆਂ ਵੱਲੋਂ ਪਹੁੰਚ ਮਾਰਗ ਦੀ ਪ੍ਰਵਾਨਗੀ ਨਾ ਲੈਣ ਅਤੇ ਜਿਹਨਾਂ ਨੇ ਪ੍ਰਵਾਨਗੀ ਲਈ ਹੈ, ਉਹਨਾਂ ਵੱਲੋਂ ਬਣਦੀ ਫੀਸ ਜ਼ਮ੍ਹਾਂ ਨਾ ਕਰਵਾਉਣ ਕਾਰਨ ਮਾਲੀਏ ਨੂੰ ਹੋਣ ਵਾਲੇ ਨੁਕਸਾਨ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਫੀਲਡ ਅਧਿਕਾਰੀਆਂ ਨੂੰ ਇਸ ਸਬੰਧੀ ਵਸੂਲੀ ਲਈ ਸਮਾਂਬੱਧ ਯੋਜਨਾ ਤਿਆਰ ਕਰਕੇ ਇਸ ਨੂੰ ਲਾਗੂਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਕੋਈ ਅਧਿਕਾਰੀ ਇਸ ਸਬੰਧੀ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਲੋਕ ਨਿਰਮਾਣ ਮੰਤਰੀ ਨੇ ਜੰਗਲਾਤ, ਬਿਜਲੀ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਿਜਲੀ ਦੇ ਖੰਭਿਆਂ ਨੂੰ ਹਟਾਉਣ ਅਤੇ ਹੋਰ ਰੁਕਾਵਟਾਂ ਨੂੰ ਦੂਰ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਉਸਾਰੀ ਸਬੰਧੀ ਕਾਰਜਾਂ ਨੂੰ ਜਲਦ ਮੁਕੰਮਲ ਕਰਵਾਇਆ ਜਾ ਸਕੇ। ਉਨ੍ਹਾਂ ਸਬੰਧਤ ਨਿਗਰਾਨ ਇੰਜਨੀਅਰਾਂ ਨੂੰ ਸਮੁੱਚਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਨਿਰਧਾਰਤ ਟੀਚਿਆਂ ਨੂੰ ਨਿਯਮਾਂ ਅਤੇ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਪੂਰਾ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਸਮੂਹ ਨਿਗਰਾਨ ਇੰਜਨੀਅਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਕੰਮ ਦਾ ਰਿਕਾਰਡ ਸਹੀ ਢੰਗ ਨਾਲ ਤਿਆਰ ਕਰਨ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਸੰਯੁਕਤ ਸਕੱਤਰ ਲੋਕ ਨਿਰਮਾਣ ਵਿਭਾਗ ਸਕੱਤਰ ਸਿੰਘ ਬੱਲ, ਲੋਕ ਨਿਰਮਾਣ ਵਿਭਾਗ ਦੇ ਚੀਫ਼ ਇੰਜੀਨੀਅਰ ਅਰੁਣ ਕੁਮਾਰ, ਸਾਰੇ ਮੁੱਖ ਇੰਜੀਨੀਅਰ, ਸਮੂਹ ਸਰਕਲਾਂ ਦੇ ਨਿਗਰਾਨ ਇੰਜੀਨੀਅਰਾਂ ਤੋਂ ਇਲਾਵਾ ਜੰਗਲਾਤ, ਸੀਵਰੇਜ਼ ਬੋਰਡ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

NO COMMENTS