ਲੌਕਡਾਊਨ ਦੇ ਮਾਰੇ ਦਾਰੂ ਦੇ ਸ਼ੌਕੀਨਾਂ ਲਈ ਖੁਸ਼ਖ਼ਬਰੀ!

0
185

ਚੰਡੀਗੜ੍ਹ: ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸ਼ਰਾਬ ਦੇ ਠੇਕਿਆਂ ਨੂੰ ਜਿੰਦਰੇ ਵੱਜਣ ਨਾਲ ਦਾਰੂ ਦੇ ਸ਼ੌਕੀਨਾਂ ਨੂੰ ਵੱਡੀ ਠੇਸ ਪਹੁੰਚੀ ਸੀ ਪਰ ਹੁਣ ਉਨ੍ਹਾਂ ਲਈ ਰਾਹਤ ਦੀ ਖ਼ਬਰ ਹੈ। ਦਰਅਸਲ ਪੰਜਾਬ ਸਰਕਾਰ ਨੂੰ ਸ਼ਰਾਬ ਤੋਂ ਹੋਣ ਵਾਲੇ ਰੈਵੇਨਿਊ ‘ਚ 520 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ। ਇਸ ਮਗਰੋਂ ਸਰਕਾਰ ਨੇ ਕਰੋਨਾ ਤੋਂ ਬਚੇ ਖੇਤਰਾਂ ‘ਚ ਠੇਕੇ ਖੋਲ੍ਹਣ ਨੂੰ ਮਨਜ਼ੂਰੀ ਦੇਣ ਦਾ ਮਨ ਬਣਾ ਲਿਆ ਹੈ।

ਕਰੋਨਾ ਵਾਇਰਸ ਕਾਰਨ ਪਏ ਆਰਥਿਕ ਘਾਟੇ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਵੀਰਵਾਰ ਕੈਬਨਿਟ ਸਬ ਕਮੇਟੀ ਦੀ ਮੀਟਿੰਗ ‘ਚ ਇਸ ਸਬੰਧੀ ਫੈਸਲਾ ਲਿਆ ਗਿਆ। ਅਧਿਕਾਰੀਆਂ ਮੁਤਾਬਕ ਇਸ ਮੀਟਿੰਗ ਦਾ ਮੁੱਖ ਏਜੰਡਾ ਸ਼ਰਾਬ ਦੇ ਠੇਕੇ ਖੋਲ੍ਹਣਾ ਸੀ। ਹਾਲਾਂਕਿ, ਇਸ ਨੂੰ ਲਾਗੂ ਕਰਨ ਦਾ ਫੈਸਲਾ 20 ਅਪ੍ਰੈਲ ਨੂੰ ਕੇਂਦਰ ਵੱਲੋਂ ਦਿੱਤੀ ਜਾਣ ਵਾਲੀ ਰਾਹਤ ਦੇ ਹਿਸਾਬ ਨਾਲ ਲਿਆ ਜਾਵੇਗਾ।

ਐਕਸਾਇਜ਼ ਤੇ ਟੈਕਸੇਸ਼ਨ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਮੁਤਾਬਕ ਜੇਕਰ ਕੇਂਦਰ ਸਰਕਾਰ ਕਰੋਨਾ ਤੋਂ ਬਚੇ ਇਲਾਕਿਆਂ ‘ਚ ਰਾਹਤ ਦਿੰਦੀ ਹੈ ਤਾਂ ਉਹ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਤਿਆਰ ਹਨ। ਅਧਿਕਾਰੀਆਂ ਮੁਤਾਬਕ ਕੋਵਿਡ-19 ਦੇ ਕਾਰਨ ਲੱਗੇ ਕਰਫਿਊ ਕਾਰਨ ਸੂਬੇ ਦੀ ਵਿੱਤੀ ਹਾਲਤ ਡਾਵਾਂਡੋਲ ਹੈ ਜਿਸ ਨੂੰ ਮੁੜ ਪੈਰਾਂ ਸਿਰ ਕਰਨ ਲਈ ਸੂਬੇ ‘ਚ 1500 ਕਰੋੜ ਰੁਪਏ ਦੇ ਖਰਚ ਘਟਾਉਣ ਦੀ ਯੋਜਨਾ ਉਲੀਕੀ ਗਈ ਹੈ। ਇਸ ਤੋਂ ਇਲਾਵਾ ਜਿੱਥੇ ਕੋਰੋਨਾ ਵਾਇਰਸ ਦਾ ਕੋਈ ਕੇਸ ਨਹੀਂ ਹੈ ਉੱਥੇ ਸਰਕਾਰੀ ਸੇਵਾਵਾਂ ਮੁੜ ਚਾਲੂ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਤਾਂ ਜੋ ਸੂਬੇ ਦੀ ਮਾਲੀ ਹਾਲਤ ਨੂੰ ਹੁੰਗਾਰਾ ਮਿਲ ਸਕੇ।

LEAVE A REPLY

Please enter your comment!
Please enter your name here