ਮਾਨਸਾ, 28 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ ) : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੋਵਿਡ ਮਹਾਂਮਾਰੀ ਤੋਂ ਜ਼ਿਲਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਲੋਕਾਂ ਦੇ ਘਰਾਂ ਤੱਕ ਪਹੰੁਚ ਕਰਕੇ ਵੈਕਸੀਨੇਸ਼ਨ ਲਗਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਖੁਦ ਨਿੱਜੀ ਤੌਰ ’ਤੇ ਪਿੰਡ ਖੋਖਰ ਕਲਾਂ ਵਿਖੇ ਪਹੰੁਚ ਕੇ ਬਜੁਰਗਾਂ, ਨੌਜਵਾਨਾਂ ਨੂੰ ਸਿਹਤ ਵਿਭਾਗ ਦੀਆਂ ਗਾਈਡਲਾਈਨ ਅਨੁਸਾਰ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ ਵੇਲੇ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਪਿੰਡ ਪੱਧਰ ਚਲ ਰਹੀ ਵੈਕਸੀਨੇਸ਼ਨ ਮੁਹਿੰਮ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ 90 ਸਾਲਾਂ ਬਜੁਰਗ ਸੁਖਦੇਵ ਸਿੰਘ ਦੀ ਵੈਕਸ਼ੀਨੇਸ਼ਨ ਕੀਤੀ ਗਈ। ਬਜੁਰਗ ਸੁਖਦੇਵ ਸਿੰਘ ਸਮੇਤ ਪਿੰਡ ਵਾਸੀਆ ਵੱਲੋਂ ਜ਼ਿਲਾ ਪ੍ਰਸ਼ਾਸਨ ਦੀ ਸੁਚੱਜੀ ਅਗਵਾਈ ਹੇਠ ਯੋਗ ਵਿਅਕਤੀਆਂ ਦੇ ਘਰਾਂ ਤੱਕ ਪਹੰੁਚ ਕਰਕੇ ਕੋਵਿਡ ਦੇ ਬਚਾਅ ਲਈ ਕੀਤੇ ਜਾ ਰਹੇ ਟੀਕਾਕਰਣ ਦੀ ਖੂਬ ਸ਼ਲਾਘਾ
ਕੀਤੀ ਜਾ ਰਹੀ ਹੈ। ਸ੍ਰੀਮਤੀ ਅਮਰਪ੍ਰੀਤ ਕੌਰ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਟੀਕਾਕਰਣ ਲਈ ਪਹੰੁਚਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਕਰੋਨਾਂ ਦੀ ਨਾਮੁਰਾਦ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਵੈਕਸੀਨੇਸ਼ਨ ਅਤਿ ਜਰੂਰੀ ਹੈ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਲਗਾਉਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ-ਪਾਣੀ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ।