
ਮਾਨਸਾ, 04 ਨਵੰਬਰ: (ਸਾਰਾ ਯਹਾਂ/ਮੁੱਖ ਸੰਪਾਦਕ ):
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਵੱਲੋਂ ਪਿੰਡ ਰੱਲਾ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਖੇਤ ਵਿੱਚ ਚੱਲ ਰਹੀ ਬੇਲਿੰਗ ਮਸ਼ੀਨ ਨਾਲ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਇਸ ਸਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਪਰਾਲੀ ਖੇਤ ਵਿਚੋਂ ਬਾਹਰ ਕੱਢਣ ਦਾ ਰੁਝਾਨ ਵੱਧ ਰਿਹਾ ਹੈ। ਇਸ ਨਾਲ ਜਿੱਥੇ ਕਿਸਾਨਾਂ ਦੀ ਪਰਾਲੀ ਦਾ ਪ੍ਰਬੰਧਨ ਵੀ ਹੋ ਜਾਂਦਾ ਹੈ, ਉਥੇ ਬਾਇਓ ਮਾਸ ਪਲਾਂਟਾਂ ਵਿੱਚ ਪਰਾਲੀ ਦੀ ਕਾਰਗਰ ਵਰਤੋਂ ਹੋ ਜਾਂਦੀ ਹੈ।
ਇਸ ਉਪਰੰਤ ਉਨ੍ਹਾਂ ਸਹਿਕਾਰੀ ਸਭਾਵਾਂ ਵਿੱਚ ਮੌਜੂਦ ਮਸ਼ੀਨਰੀ ਦਾ ਰਿਕਾਰਡ ਚੈਕ ਕੀਤਾ ਅਤੇ ਮਸ਼ੀਨਰੀ ਦੀ ਹੋ ਰਹੀ ਵਰਤੋਂ ਬਾਰੇ ਪੜਤਾਲ ਕੀਤੀ ਕਿ ਸਹਿਕਾਰੀ ਸਭਾਵਾਂ ਦੀਆਂ ਮਸ਼ੀਨਾਂ ਕਿੱਥੇ—ਕਿੱਥੇ ਚੱਲ ਰਹੀਆਂ ਹਨ। ਉਨ੍ਹਾਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ—ਵੱਖ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਕਿਸਾਨ ਯੂਨੀਅਨ ਦੇ ਨੁੰਮਾਇੰਦਿਆਂ ਵੱਲੋਂ ਪਰਾਲੀ ਨਾ ਸਾੜਨ ਦਾ ਭਰੋਸਾ ਦਿਵਾਇਆ।
ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਡਾ. ਨਰਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਕੁਲਦੀਪ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਅਤੇ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋਂ ਸ੍ਰੀ ਹਰਸਿਮਰਨ ਸਿੰਘ ਸੋਢੀ ਅਧਿਕਾਰੀ ਹਾਜਰ ਸਨ।
