ਵਧੀਕ ਡਿਪਟੀ ਕਮਿਸ਼ਨਰ ਨੇ ਫੇਸਬੁੱਕ ਤੋਂ ਸਿੱਧੇ ਪ੍ਰਸਾਰਣ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਕੋਵਿਡ ਸਬੰਧੀ ਜਾਣਕਾਰੀ ਕੀਤੀ ਸਾਂਝੀ

0
19

ਮਾਨਸਾ, 8 ਅਕਤੂਬਰ 2020 (ਸਾਰਾ ਯਹਾ / ਹਿਤੇਸ਼ ਸ਼ਰਮਾ ) : ਹਰ ਬੁੱਧਵਾਰ ਨੂੰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਮਾਨਸਾ ਦੇ ਫੇਸਬੁੱਕ ਪੇਜ਼ ਤੋਂ ਲਾਈਵ ਹੋ ਕੇ ਕੋਵਿਡ-19 ਸਬੰਧੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਮੁਹਿੰਮ ਤਹਿਤ ਇਸ ਬੁੱਧਵਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋ ਕੇ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕੀਤੀ।  ਇਸ ਮੌਕੇ ਜ਼ਿਲ੍ਹਾ ਵਾਸੀਆਂ ਨਾਲ ਕੋਵਿਡ-19 ਦੀ ਜ਼ਿਲ੍ਹੇ ਅੰਦਰ ਸਥਿਤੀ ਅਤੇ ਸਰਕਾਰ ਅਤੇ ਪ੍ਰਸ਼ਾਸਨ ਵੱਲੋੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਸੈਂਪÇਲੰਗ ਬਹੁਤ ਹੀ ਵਧੀਆ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਹਾਲੇ ਵੀ ਸੁਚੇਤ ਰਹਿਣ ਦੀ ਲੋੜ ਹੈ ਅਤੇ ਇਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਿਨ੍ਹਾਂ ਸਾਵਧਾਨੀਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ ਉਨ੍ਹਾਂ ’ਤੇ ਅਮਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਪ੍ਰਭਾਵ ਬਾਕੀ ਜ਼ਿਲਿ੍ਹਆਂ ਨਾਲੋਂ ਘੱਟ ਹੈ ਅਤੇ ਇਹ ਸਭ ਕੁਝ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਸਾਵਧਾਨੀਆਂ ਦੀ ਵਰਤੋਂ ਨਾਲ ਹੀ ਅਸੀਂ ਖੁਦ ਨੂੰ, ਆਪਣੇ ਪਰਿਵਾਰ ਨੂੰ ਅਤੇ ਸਮਾਜ ਨੂੰ ਇਸ ਮਹਾਂਮਾਰੀ ਤੋਂ ਬਚਾ ਕੇ ਰੱਖ ਸਕਦੇ ਹਾਂ। ਫੇਸਬੁੱਕ ਦੇ ਸਿੱਧੇ ਪ੍ਰਸਾਰਣ ਰਾਹੀਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨ ਵੀਰਾਂ ਨੂੰ ਸੰਬੋਧਤ ਕਰਦਿਆਂ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਰਹਿੰਦ-ਖੂੰਹਦ ਨੂੰ ਆਪਣੀ ਜ਼ਮੀਨ ਦੇ ਵਿੱਚ ਹੀ ਵਾਹ ਦੇਣ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਜ਼ਮੀਨ ਵਿੱਚ ਹੀ ਦਬਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ, ਉਥੇ ਹੀ ਵਾਤਾਵਰਨ ਵੀ ਸਾਫ਼ ਅਤੇ ਸਵੱਛ ਰਹਿੰਦਾ ਹੈ।  ਉਨ੍ਹਾਂ ਨਾਲ ਹੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏ ਤੋਂ ਸਾਂਹ ਸਬੰਧੀ ਬਿਮਾਰੀਆਂ ਪੈਦਾ ਹੁੰਦੀਆਂ ਹਨ ਅਤੇ ਇਸ ਧੂੰਏ ਨਾਲ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਸਿਹਤ ’ਤੇ ਹੋਰ ਵੀ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਹੁਣ ਕਾਫ਼ੀ ਜਾਗਰੂਕ ਹੋ ਚੁੱਕੇ ਹਨ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਦਾ ਰੁਝਾਨ ਬਹੁਤ ਘੱਟ ਹੋਇਆ ਹੈ। ਉਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਦੇ ਕਿਸਾਨਾਂ ਵੀਰਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਨ ਸਬੰਧੀ ਪ੍ਰੇਰਿਤ ਕਰਨ ਜਿਸ ਨਾਲ ਜਨ-ਜੀਵਨ ਪ੍ਰਭਾਵਿਤ ਨਾ ਹੋਵੇ ਅਤੇ ਵਾਤਾਵਰਨ ਵੀ ਸਾਫ਼ ਰਹਿ ਸਕੇ। ਝੋਨੇ ਦੇ ਖਰੀਦ-ਪ੍ਰਬੰਧਾਂ ਸਬੰਧੀ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ ਅਤੇ ਕਿਸਾਨਾਂ ਜਾਂ ਹੋਰ ਵਰਗਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚੋਂ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ।   

NO COMMENTS