ਮਾਨਸਾ, 19 ਜਨਵਰੀ(ਸਾਰਾ ਯਹਾਂ/ਮੁੱਖ ਸੰਪਾਦਕ)
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਸਥਾਨਕ ਬੱਚਤ ਭਵਨ ਵਿਖੇ 26 ਜਨਵਰੀ ਨੂੰ ਦੇਸ਼ ਦੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਲਈ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਪ੍ਰਬੰਧਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕੌਮੀ ਮਹੱਤਤਾ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਨੇਪਰੇ ਚੜ੍ਹਾਇਆ ਜਾਵੇ ਅਤੇ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਸਮਾਰੋਹ ਦੌਰਾਨ ਸੁਰੱਖਿਆ ਪ੍ਰਬੰਧਾਂ ਸਮੇਤ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਪੁਲਿਸ, ਹੋਮ ਗਾਰਡਜ, ਐਨ.ਸੀ.ਸੀ., ਸਕਾਊਟ ਗਾਈਡ ਦੀਆਂ ਟੁਕੜੀਆਂ ਵੱਲੋਂ ਕੀਤੀ ਜਾਣ ਵਾਲੀ ਪਰੇਡ ਦੀ ਰਿਹਰਸਲ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਗਮ ਵਾਲੇ ਦਿਨ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੇ ਇਸ ਸਮਾਗਮ ’ਚ ਵਧ ਚੜ੍ਹਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਪੀ. ਸ੍ਰੀ ਜਸਕੀਰਤ ਸਿੰਘ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗੀ ਅਧਿਕਾਰੀ ਮੌਜੂਦ ਸਨ।