ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਕੰਮਾਂ ਦਾ ਜਾਇਜ਼ਾ

0
23

ਮਾਨਸਾ, 29 ਸਤੰਬਰ (ਸਾਰਾ ਯਹਾ/ਹੀਰਾ ਸਿੰਘ ਮਿੱਤਲ): ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੋਰ ਸੰਧੂ ਨੇ ਜਿ਼ਲ੍ਹੇ ਅੰਦਰ ਮਗਨਰੇਗਾ ਸਕੀਮ ਅਧੀਨ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੰਮਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਵਧਾਉਣ ਲਈ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਮਗਨਰੇਗਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਖੇਡ ਸੱਭਿਆਚਾਰ ਨੂੰ ਪੈਦਾ ਕਰਨ ਲਈ ਬਣਵਾਏ ਜਾ ਰਹੇ ਖੇਡ ਸਟੇਡੀਅਮਾਂ ਦੇ ਨਿਰਮਾਣ ਕਾਰਜਾਂ ਨੂੰ ਤਰਜੀਹੀ ਆਧਾਰ ਤੇ ਪੂਰਾ ਕੀਤਾ ਜਾਵੇ। ਉਹਨਾਂ ਗ੍ਰਾਮ ਪੰਚਾਇਤਾਂ ਨੂੰ ਵੀ ਸੁਝਾਅ ਦਿੱਤਾ ਕਿ ਪਿੰਡਾਂ ਵਿੱਚ ਖੇਡ ਮੈਦਾਨ, ਪਾਰਕ ਅਤੇ ਪੌਦੇ ਲਗਾਉਣ ਦੇ ਕਾਰਜਾਂ ਵਿਚ ਦਿਲਚਸਪੀ ਲਈ ਜਾਵੇ ਤਾਂ ਜੋ ਪ੍ਰਦੂਸ਼ਣ ਮੁਕਤ ਵਾਤਾਵਰਣ ਦੀ ਸਿਰਜਣਾਂ ਕਰਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਪਿੰਡ ਆਹਲੂਪੁਰ, ਮੀਰਪੁਰ ਕਲਾਂ, ਮੀਰਪੁਰ ਖੁਰਦ, ਰਾਏਪੁਰ, ਭੈਣੀ ਬਾਘਾ, ਖੀਵਾ ਕਲਾਂ ਅਤੇ ਬੀਰੋਕੇ ਕਲਾਂ ਵਿਖੇ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ।

NO COMMENTS