ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਅਸਲਾ ਚੁੱਕਣ ‘ਤੇ ਪਾਬੰਦੀ ਹੁਕਮ ਜਾਰੀ

0
21

ਮਾਨਸਾ, 29 ਜਨਵਰੀ  (ਸਾਰਾ ਯਹਾਂ /ਮੁੱਖ ਸੰਪਾਦਕ): ਵਧੀਕ ਜ਼ਿਲ੍ਹਾ ਮੈਜਿਸਟਰੇਟ ਸ. ਸੁਖਪ੍ਰੀਤ ਸਿੰਘ ਸਿੱਧੂ ਨੇ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਹਰ ਕਿਸਮ ਦਾ ਅਸਲਾ ਚੁੱਕਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਘੋਸ਼ਿਤ ਕੀਤੇ ਪ੍ਰੋਗਰਾਮ ਅਨੁਸਾਰ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ 14 ਫਰਵਰੀ ਨੂੰ ਹੋਣੀਆਂ ਹਨ ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੇ ਅੰਦਰ ਨਗਰ ਕੌਂਸਲ ਅਤੇ ਨਗਰ ਪੰਚਾਇਤ (ਸਿਵਾਏ ਭੀਖੀ ਅਤੇ ਸਰਦੂਲਗੜ੍ਹ) ਦੇ ਰੈਵਨਿਊ ਖੇਤਰਾਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਅਤੇ ਲੋਕ ਹਿੱਤ ਵਿੱਚ ਹਰ ਕਿਸਮ ਦਾ ਅਸਲਾ ਚੁੱਕਣ ‘ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਬਣ ਜਾਂਦੀ ਹੈ। 
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 29 ਜਨਵਰੀ ਤੋਂ 20 ਫਰਵਰੀ ਤੱਕ ਜ਼ਿਲ੍ਹਾ ਮਾਨਸਾ ਦੇ ਅੰਦਰ ਨਗਰ ਕੌਂਸਲ ਅਤੇ ਨਗਰ ਪੰਚਾਇਤ (ਸਿਵਾਏ ਭੀਖੀ ਅਤੇ ਸਰਦੂਲਗੜ੍ਹ) ਦੇ ਰੈਵਨਿਊ ਖੇਤਰਾਂ ਵਿੱਚ ਅਸਲਾ ਚੁੱਕਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ ਪਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ। 

NO COMMENTS