*ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਰਾਲੀ ਨਾ ਸਾੜੋ; ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਕੀਤੀ ਅਪੀਲ*

0
10

ਚੰਡੀਗੜ੍ਹ, 16 ਅਕਤੂਬਰ:(ਸਾਰਾ ਯਹਾਂ/ਹਿਤੇਸ਼ ਸ਼ਰਮਾ)

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ।

ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸਪੀਕਰ ਨੇ ਕਿਹਾ ਕਿ ਪਰਾਲੀ ਸਾੜਨਾ ਵਾਤਾਵਰਨ ਦੇ ਲਈ ਬਹੁਤ ਘਾਤਕ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਨਾ ਸਿਰਫ ਵਾਤਾਵਰਨ ਹੀ ਦੂਸ਼ਿਤ ਨਹੀਂ ਹੁੰਦਾ ਹੈ, ਸਗੋਂ ਕਈ ਅਣ-ਸੁਖਾਵੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੁਦਰਤ ਦੇ ਅਮੁੱਲ ਖਜ਼ਾਨੇ ਹਵਾ, ਪਾਣੀ ਅਤੇ ਧਰਤੀ ਦੂਸ਼ਿਤ ਹੁੰਦੀ ਹੈ, ਜਿਸ ਨਾਲ ਮਨੁੱਖਾਂ ਨੂੰ ਕਈ ਕਿਸਮ ਦੀਆਂ ਬੀਮਾਰੀਆਂ ਵੀ ਹੋ ਸਕਦੀਆਂ ਹਨ।

ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਨੂੰ 50 ਫੀਸਦੀ ਸਬਸਿਡੀ ਅਤੇ ਸੁਸਾਇਟੀ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਇਸ ਸਬਸਿਡੀ ਦਾ ਲਾਭ ਲੈਣ ਅਤੇ ਪਰਾਲੀ ਦੇ ਪ੍ਰਬੰਧਨ ਲਈ ਸਟਰਾਅ ਰੇਕ ਅਤੇ ਬੇਲਰ ਮਸ਼ੀਨਾ ਆਦਿ ਖਰੀਦ ਕੇ ਮੌਕੇ ਦਾ ਪੂਰਾ ਲਾਭ ਉਠਾਉਣ।

ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਵਾਤਾਵਰਣ ਸੁਰੱਖਿਆ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਭਾਈਵਾਲ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਨਾ ਸਾੜਨ ਸਬੰਧੀ ਲੋਕ ਹਿੱਤ ਵਿੱਚ ਚਲਾਈ ਜਾ ਮੁਹਿੰਮ ਦਾ ਹਿੱਸਾ ਬਣਨ।

ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ ’ਤੇ ਸਰਫੇਸ ਸੀਡਰਾਂ ਸਮੇਤ ਲਗਭਗ 24,000 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here