(ਸਾਰਾ ਯਹਾਂ/ ਮੁੱਖ ਸੰਪਾਦਕ): ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅੱਜ ਮੁੜ ਵਿਜੀਲੈਂਸ ਅਧਿਕਾਰੀਆਂ ਅੱਗੇ ਪੇਸ਼ ਹੋਏ। ਗੁਰਪ੍ਰੀਤ ਕਾਂਗੜ ਵਿਜੀਲੈਂਸ ਅੱਗੇ ਪੇਸ਼ ਹੋਣ ਲਈ ਬਠਿੰਡਾ ਆਫਿਸ ਪਹੁੰਚੇ। ਕਾਂਗੜ ਤੋਂ ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਅਧਿਕਾਰੀਆਂ ਨੇ ਪੁੱਛਗਿੱਛ ਕੀਤੀ।
ਦੱਸ ਦਈਏ ਕਿ ਵਿਜੀਲੈਂਸ ਵਿਭਾਗ ਬਠਿੰਡਾ ਵੱਲੋਂ ਇਸ ਤੋਂ ਪਹਿਲਾਂ ਗੁਰਪ੍ਰੀਤ ਕਾਂਗੜ ਨੂੰ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਸ ਦੌਰਾਨ ਸਵੇਰੇ 10.30 ਵਜੇ ਤੋਂ ਸ਼ਾਮੀਂ 5.15 ਵਜੇ ਤੱਕ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਵਿਜੀਲੈਂਸ ਵਿਭਾਗ ਵੱਲੋਂ ਪੁੱਛਗਿੱਛ ਕੀਤੀ ਗਈ ਸੀ।
ਵਿਜੀਲੈਂਸ ਵਿਭਾਗ ਦੀ ਪੁੱਛਗਿੱਛ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਸੀ ਕਿ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਨੂੰ ਸੰਮਨ ਕੀਤੇ ਗਏ ਸਨ। ਇਸ ਮਾਮਲੇ ਵਿੱਚ ਅੱਜ ਉਹ ਵਿਜਲੈਂਸ ਅਧਿਕਾਰੀਆਂ ਕੋਲ ਪੇਸ਼ ਹੋਏ ਸਨ।
ਇਸ ਮੌਕੇ ਵਿਜੀਲੈਂਸ ਅਧਿਕਾਰੀਆਂ ਵੱਲੋਂ ਜੋ-ਜੋ ਸਵਾਲ ਪੁੱਛੇ ਗਏ ਉਨ੍ਹਾਂ ਵੱਲੋਂ ਉਨ੍ਹਾਂ ਦਾ ਜਵਾਬ ਦਿੱਤਾ ਗਿਆ ਪਰ ਉਹ ਹੈਰਾਨ ਹਨ ਕਿ ਵਿਜੀਲੈਂਸ ਵੱਲੋਂ ਫਰਜੀ ਸ਼ਿਕਾਇਤ ਤੇ ਉਨ੍ਹਾਂ ਨਾਲ ਬਹੁਤ ਮਾੜਾ ਵਿਹਾਰ ਕੀਤਾ ਗਿਆ। ਉਨ੍ਹਾਂ ਕਿਹਾ ਸੀ ਕਿ ਜੱਦੀ ਜਾਇਦਾਦ ਦੇ ਮਾਮਲੇ ਵਿੱਚ ਵੀ ਵਿਜੀਲੈਂਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।