
ਚੰਡੀਗੜ੍ਹ, 21 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਹਸਪਤਾਲ ਭਵਾਨੀਗੜ੍ਹ ਜਿਲਾ ਸੰਗਰੂਰ ਵਿਖੇ ਤਾਇਨਾਤ ਦੰਦਾਂ ਦੇ ਡਾਕਟਰ ਸੁਰਜੀਤ ਚੌਧਰੀ ਨੂੰ 8500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਡਾਕਟਰ ਨੂੰ ਸ਼ਿਕਾਇਤਕਰਤਾ ਨਿਰਭੈ ਸਿੰਘ ਭੁੱਲਰ ਵਾਸੀ ਪਿੰਡ ਮਸਾਣੀ, ਤਹਿਸੀਲ ਭਵਾਨੀਗੜ੍ਹ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਦੇ ਦੰਦਾਂ ਦੇ ਇਲਾਜ ਕਰਨ ਬਦਲੇ ਉਕਤ ਡਾਕਟਰ ਵਲੋਂ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਉਸ ਨੇ ਦੱਸਿਆ ਕਿ ਪਤਨੀ ਦੇ ਇਲਾਜ ਲਈ ਉਹ ਪਹਿਲਾਂ ਹੀ ਉਕਤ ਡਾਕਟਰ ਨੂੰ 2,000 ਰੁਪਏ ਰਿਸ਼ਵਤ ਵਜੋਂ ਦੇ ਚੁੱਕਾ ਹੈ ਅਤੇ ਹੁਣ ਇਸ ਡਾਕਟਰ ਵਲੋਂ 8500 ਰੁਪਏ ਰਿਸ਼ਵਤ ਦੀ ਹੋਰ ਮੰਗ ਕੀਤੀ ਗਈ ਹੈ। ਇਸ ਸਬੰਧੀ ਸ਼ਿਕਾਇਤਕਰਤਾ ਵਲੋਂ ਸਬੂਤ ਵਜੋਂ ਵਿਜੀਲੈਂਸ ਨੂੰ ਵੀਡਿਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ।
ਵਿਜੀਲੈਂਸ ਬਿਉਰੋ ਪਟਿਆਲਾ ਯੂਨਿਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਡਾਕਟਰ ਨੂੰ ਅੱਜ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 8500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
——
