
ਚੰਡੀਗੜ੍ਹ, 14 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਇੱਕ ਪ੍ਰਾਈਵੇਟ ਵਿਅਕਤੀ ਸੰਦੀਪ ਸਿੰਘ ਵਿਰਕ, ਵਾਸੀ ਪਿੰਡ ਨਵਾਂ ਗਾਉਂ, ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਥਾਨਿਕ ਅਦਾਲਤ ਨੇ ਮੁਲਜਮ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ ਜਿਸ ਦੌਰਾਨ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੇ ਸ਼ਿਕਾਇਤਕਰਤਾ ਸਾਬਰ ਖਾਨ ਵਾਸੀ ਹੰਡਿਆਇਆ, ਜ਼ਿਲ੍ਹਾ ਬਰਨਾਲਾ ਨੂੰ ਝੂਠਾ ਦਾਅਵਾ ਕੀਤਾ ਹੈ ਕਿ ਉਸ ਦੀ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀ. ਐੱਮ.ਓ.) ਤੱਕ ਪਹੁੰਚ ਹੈ ਅਤੇ ਉਹ ਉਸ ਨੂੰ ਵਿਸ਼ੇਸ਼ ਕੋਟੇ ਤਹਿਤ ਸੀ.ਐੱਮ.ਓ. ਵਿਚ ਨਿੱਜੀ ਅਧਿਕਾਰੀ ਵਜੋਂ ਭਰਤੀ ਕਰਵਾ ਦੇਵੇਗਾ ਜਿਸ ਲਈ ਨੌਕਰੀ ਬਦਲੇ ਉਸ ਨੂੰ 6 ਲੱਖ ਰੁਪਏ ਦੀ ਰਿਸ਼ਵਤ/ਖਰਚਾ ਦੇਣਾ ਪਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਦੋਸ਼ੀ ਪਹਿਲਾਂ ਹੀ ਉਸ ਕੋਲੋਂ ਇਸੇ ਕੰਮ ਬਦਲੇ 15,000 ਰੁਪਏ ਲੈ ਚੁੱਕਾ ਹੈ ਅਤੇ ਹੁਣ ਫਾਈਲ/ਕੇਸ ‘ਤੇ ਦਸਤਖਤ ਕਰਵਾਉਣ ਅਤੇ ਅੱਗੇ ਸਬੰਧਤ ਅਧਿਕਾਰੀ ਤੋਂ ਮਨਜ਼ੂਰੀ ਦਿਵਾਉਣ ਲਈ ਹੋਰ 25,000 ਰੁਪਏ ਦੀ ਮੰਗ ਕਰ ਰਿਹਾ ਹੈ।
ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਸੰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਦੋਸ਼ੀ ਸੰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਉਸ ਦੀ ਭਰਤੀ ਬਾਰੇ ਯਕੀਨ ਦਿਵਾਉਣ ਲਈ ਜਾਅਲੀ ਨਿਯੁਕਤੀ ਪੱਤਰ ਅਤੇ ਹੋਰ ਸਬੰਧਤ ਦਸਤਾਵੇਜ਼ਾਂ ‘ਤੇ ਦਸਤਖਤ ਕਰਵਾਉਣ ਲਈ ਸ਼ਿਕਾਇਤਕਰਤਾ ਨੂੰ ਭਰਮਾ ਲਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸੰਦੀਪ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਐਫ.ਆਈ.ਆਰ ਨੰਬਰ 8 ਮਿਤੀ 13-02-2013 ਤਹਿਤ ਵਿਜੀਲੈਂਸ ਬਿਊਰੋ, ਉਡਣ ਦਸਤਾ, ਪੰਜਾਬ, ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਦੋਸ਼ੀ ਦੇ ਕੰਮ ਕਰਨ ਦੇ ਢੰਗ ਦਾ ਪਰਦਾਫਾਸ਼ ਕਰਨ ਅਤੇ ਕਿਸੇ ਹੋਰ ਪ੍ਰਾਈਵੇਟ/ਸਰਕਾਰੀ ਕਰਮਚਾਰੀਆਂ ਸਮੇਤ ਉਸਦੇ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
———-
