ਚੰਡੀਗੜ੍ਹ, 10 ਅਕਤੂਬਰ (ਸਾਰਾ ਯਹਾਂ/ਹਿਤੇਸ਼ ਸ਼ਰਮਾ): ਪੰਜਾਬ ਵਿਜੀਲੈਂਸ ਬਿਊਰੋ(ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਉਕਤ ਰਿਪੋਰਟਰ ਵੱਲੋਂ 1000 ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਹੈ। ਉਸ ਦੀ ਵਾਹੀਯੋਗ ਜ਼ਮੀਨ ’ਤੇ ਉਸ ਦੇ ਮਕਾਨ ਵੱਲ ਜਾਣ ਵਾਲੇ ਪੱਕੇ ਰਸਤੇ ਨੂੰ ਨਾ ਢਾਹੁਣ ਦੇ ਬਦਲੇ ਤਿੰਨ ਲੱਖ ਰੁਪਏ ਦਿੱਤੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਰਿਪੋਰਟਰ ਨੇ ਐਸ.ਡੀ.ਓ ਗਲਾਡਾ ਤੋਂ ਇੱਕ ਲੱਖ ਰੁਪਏ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਇੱਕ ਲੱਖ ਰੁਪਏ ਅਤੇ ਆਪਣੇ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਹੈ ਨਹੀਂ ਤਾਂ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ।
ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਜਿਸ ਵਿੱਚ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।