ਚੰਡੀਗੜ, 5 ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਫ.ਸੀ.ਆਈ., ਨਕੋਦਰ, ਜਿਲਾ ਜਲੰਧਰ ਦੇ ਲੇਬਰ ਹੈਂਡਲਿੰਗ ਇੰਚਾਰਜ (ਸੇਵਾਮੁਕਤ) ਸ਼ੰਕਰ ਸ਼ਾਹ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਲੇਬਰ ਇੰਚਾਰਜ ਨੂੰ ਸ੍ਰੀਮਤੀ ਸ਼ਮਾ ਵਾਸੀ ਪਿੰਡ ਮਹੇੜੂ, ਜਲੰਧਰ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ ਅਤੇ ਐਫਸੀਆਈ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ, ਜੇਕਰ ਕੋਈ ਇਸ ਮਾਮਲੇ ਵਿੱਚ ਸ਼ਾਮਲ ਹੋਣ, ਦੀ ਵੀ ਜਾਂਚ ਕੀਤੀ ਜਾਵੇਗੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਸੇਵਾਮੁਕਤ ਲੇਬਰ ਇੰਚਾਰਜ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਐਫ.ਸੀ.ਆਈ. ਤੋਂ ਬਣਦੇ ਬਕਾਏ ਦਿਵਾਉਣ ਵਿੱਚ ਮਦਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਦਰਜ ਕਰਵਾਇਆ ਹੈ ਕਿ ਮੁਲਜਮ ਸ਼ੰਕਰ ਸ਼ਾਹ ਇਸ ਸਬੰਧੀ ਪਹਿਲਾਂ ਵੀ ਉਸ ਤੋਂ 10,000 ਰੁਪਏ ਲੈ ਚੁੱਕਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਮੌਜੂਦ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਉਕਤ ਮੁਲਜਮ ਨੂੰ ਰਿਸ਼ਵਤ ਦੀ ਰਾਸ਼ੀ ਲੈਂਦਿਆਂ ਗਿ੍ਰਫਤਾਰ ਕਰ ਲਿਆ। ——-