*ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ*

0
139

ਚੰਡੀਗੜ੍ਹ, 6 ਜੂਨ, 2024 –(ਸਾਰਾ ਯਹਾਂ/ਬਿਊਰੋ ਨਿਊਜ਼)
 ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ, ਜੋ ਹੁਣ ਥਾਣਾ ਬਲੌਂਗੀ ਵਿਖੇ ਤਾਇਨਾਤ ਹੈ, ਵਿਰੁੱਧ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ  ਥਾਣਾ ਘੜੂੰਆਂ ਵਿਖੇ ਇੱਕ ਪੁਲਿਸ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਇਸ ਮਾਮਲੇ ਦੀ ਜਾਂਚ ਜਲਦ ਮੁਕੰਮਲ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਮੰਗ ਕੀਤੀ ਸੀ ਅਤੇ ਜਿਸ ਵਿੱਚੋਂ 25,000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਹੌਲਦਾਰ ਨੇ ਸ਼ਿਕਾਇਤਕਰਤਾ ਪਾਸੋਂ ਉਕਤ ਮੰਤਵ ਲਈ 25000 ਰੁਪਏ  ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1 ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਮੁਲਜ਼ਮ ਹੌਲਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

NO COMMENTS