
ਚੰਡੀਗੜ੍ਹ, 6 ਜੁਲਾਈ: (ਸਾਰਾ ਯਹਾਂ/ਹਿਤੇਸ਼ ਸ਼ਰਮਾ ):
ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖ਼ਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ, 2023 ਨੂੰ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 25 ਮਾਰਚ, 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ। ਅਦਾਲਤ ਨੇ ਉਕਤ 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਐਫ.ਆਈ.ਆਰ. ਨੰ. 19 ਮਿਤੀ 04-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
