
ਚੰਡੀਗੜ੍ਹ, 28 ਮਈ (ਸਾਰਾ ਯਹਾਂ/ਮੁੱਖ ਸੰਪਾਦਕ): ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਦੇ 34 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਪੰਜਾਬ ਭਵਨ ਵਿਖੇ ਹੋਏ ਪ੍ਰੋਗਰਾਮ ਦੌਰਾਨ ਸਿਰਫ਼ ਪੰਜ ਨੌਜਵਾਨਾਂ ਨੂੰ ਹੀ ਬੁਲਾਇਆ ਗਿਆ ਸੀ ਅਤੇ ਬਾਕੀ 29 ਕਰਮਚਾਰੀ ਵਰਚੁਅਲ ਤੌਰ ‘ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨਗੇ। ਸਾਰੇ 34 ਕਰਮਚਾਰੀਆਂ ਨੂੰ ਤਰਸ ਦੇ ਅਧਾਰ ‘ਤੇ ਵਿਭਾਗ ਵਿਚ ਵੱਖ-ਵੱਖ ਅਸਾਮੀਆਂ ‘ਤੇ ਤਾਇਨਾਤ ਕੀਤਾ ਗਿਆ ਜਿਸ ਵਿਚ 13 ਕਲਰਕ, 3 ਐਸ.ਐਲ.ਏਜ਼, 11 ਚਪੜਾਸੀ, 6 ਚੌਕੀਦਾਰ ਅਤੇ ਇਕ ਸਫ਼ਾਈ ਸੇਵਕ ਸ਼ਾਮਲ ਹੈ।
ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮ੍ਰਿਤਕ ਮੁਲਾਜ਼ਮਾਂ ਦੇ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ ਪਰ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਉਨ੍ਹਾਂ ਨੂੰ ਰੋਜ਼ੀ-ਰੋਟੀ ਦੇ ਸਨਮਾਨ ਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਨਵੇਂ ਕਰਮਚਾਰੀ ਆਪਣੀ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀ ਉਮੀਦ ’ਤੇ ਖਰੇ ਉਤਰਨਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ ‘ਤੇ ਤੇਜ਼ੀ ਨਾਲ ਕਾਰਵਾਈ ਯਕੀਨੀ ਬਣਾਈ ਅਤੇ ਪਰਿਵਾਰਾਂ ਤੋਂ ਦਰਖਾਸਤਾਂ ਮਿਲਣ ਦੇ ਕੁਝ ਮਹੀਨਿਆਂ ਵਿੱਚ ਹੀ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਾਕੀ ਮਾਮਲਿਆਂ ਵਿਚ ਤਰਸ ਦੇ ਅਧਾਰ ‘ਤੇ ਨਿਯੁਕਤੀ ਪੱਤਰ ਜਲਦ ਦੇ ਦਿੱਤੇ ਜਾਣਗੇ।
ਇਸ ਮੌਕੇ ਡੀ.ਪੀ.ਆਈ. ਸੈਕੰਡਰੀ ਸੁਖਜੀਤ ਪਾਲ ਸਿੰਘ ਵੀ ਹਾਜ਼ਰ ਸਨ
