
ਸਾਹਿਬਜ਼ਾਦਾ ਅਜੀਤ ਸਿੰਘ ਨਗਰ,5 ਜਨਵਰੀ(ਸਾਰਾ ਯਹਾਂ/ਬਿਊਰੋ ਨਿਊਜ਼):
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ।
ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਗੁਣਤਾਮਿਕ ਸੁਧਾਰ ਲਈ ਚਲਾਏ ਜਾ ਰਹੇ ‘ਮਿਸ਼ਨ ਸਮਰੱਥ’ ਦੇ ਬੇਸਲਾਈਨ ਟੈਸਟਿੰਗ ਅਤੇ ਮਿਡ ਲਾਈਨ ਟੈਸਟਿੰਗ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਲਈ ਇੱਕ ਰੋਜ਼ਾ ਵਰਕਸ਼ਾਪ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।
ਵਰਕਸ਼ਾਪ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ ਅਤੇ ਸੈ.ਸਿੱ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ ਅਤੇ ਸੈ.ਸਿੱ) ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਵੱਲੋਂ ਭਾਗ ਲਿਆ ਗਿਆ।
ਵਰਕਸ਼ਾਪ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਜਮਾਤਵਾਰ ਅਤੇ ਵਿਸ਼ਾਵਾਰ ਨਤੀਜਿਆਂ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ‘ਮਿਸ਼ਨ ਸਮਰੱਥ’ ਤਹਿਤ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਹੋਏ ਸੁਧਾਰ ਬਾਰੇ ਖ਼ੁਸ਼ੀ ਜਾਹਿਰ ਕੀਤੀ।
ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਿੱਖਿਆ ਪ੍ਰਬੰਧ ਨੂੰ ਬਿਹਤਰ ਬਣਾਉਣ ਅਤੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਵਬਨਬੱਧ ਹੈ ਅਤੇ ‘ਮਿਸ਼ਨ ਸਮਰੱਥ’ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਭਾਸ਼ਾ, ਗਣਿਤ ਅਤੇ ਵਿਗਿਆਨ ਵਿਸ਼ਿਆਂ ਵਿੱਚ ਨਿਪੁੰਨ ਬਣਾਏਗਾ।
ਇਸ ਮੌਕੇ ਬੀਤੇ ਵਰ੍ਹੇ ਦੀ ਸਿੱਖਿਆ ਦਾ ਲੇਖਾ ਜੋਖਾ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਅੰਦਰ ਹੁਣ ਆਤਮ ਵਿਸ਼ਵਾਸ ਵਧਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਡੀਕਲ, ਇੰਜੀਨੀਅਰਿੰਗ, ਸਿਵਲ ਸੇਵਾਵਾਂ ਅਤੇ ਫੌਜ ਦੀ ਭਰਤੀ ਵਾਸਤੇ ਵਿਦਿਆਰਥੀ ਰੁਚੀ ਦਿਖਾ ਰਹੇ ਹਨ ਜਿੰਨ੍ਹਾਂ ਨੂੰ ਮੌਕੇ ਪ੍ਰਦਾਨ ਕਰਨ ਵਾਸਤੇ ਉੱਥੋਂ ਦੇ ਦੌਰੇ ਕਰਵਾਏ ਜਾ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਆਪਣੇ ਜਿਲ੍ਹਿਆਂ ਦੀਆਂ ਬਿਹਤਰੀਨ ਸਿੱਖਿਆ ਸਿਖਲਾਈ ਤਕਨੀਕਾਂ ਵੀ ਹਾਜਰੀਨ ਨਾਲ ਸਾਂਝੀਆਂ ਵੀ ਕੀਤੀਆਂ ਗਈਆਂ।
